- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਾਰਾ ਪਸ਼ੂਆਂ ਤੋਂ ਸ਼ਹਿਰ ਨੂੰ ਨਿਜਾਤ ਦਵਾਈ ਜਾਵੇ ਸੀਨੀਅਰ ਸਿਟੀਜਨ ਐਸੋਸੀਏਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਨਗਰ ਕੌਂਸਲ ਦੇ ਦਫ਼ਤਰ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਮਣਧੀਰ ਮੋਹਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ’ਚ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਮੱਸਿਆ ’ਤੇ ਗੰਭੀਰ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਰਾਤ ਸਮੇਂ ਆਵਾਰਾ ਪਸ਼ੂ ਨਾ ਦਿਖਣ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਊ ਸੈੱਸ ਦੇ ਰੂਪ ’ਚ ਕਰੋੜਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ, ਪਰ ਇਸ ਦੇ ਬਾਵਜੂਦ ਇਨ੍ਹਾਂ ਬੇਜ਼ੁਬਾਨਾਂ ਨੂੰ ਚਾਰਾ ਅਤੇ ਪਾਣੀ ਤੱਕ ਨਸੀਬ ਨਹੀਂ ਹੁੰਦਾ ਅਤੇ ਉਹ ਗੰਦਗੀ ’ਚ ਮੂੰਹ ਮਾਰਨ ਲਈ ਮਜਬੂਰ ਹਨ। ਆਗੂਆਂ ਨੇ ਮੰਗ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਤੁਰੰਤ ਨਿਜਾਤ ਦਿਵਾਈ ਜਾਵੇ। ਮੀਟਿੰਗ ਦੌਰਾਨ ਪੰਜਾਬ ਭਰ ’ਚ ਨੌਜਵਾਨਾਂ ਅੰਦਰ ਵਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਵੀ ਡੂੰਘੀ ਚਿੰਤਾ ਪ੍ਰਗਟਾਈ ਗਈ। ਮੈਂਬਰਾਂ ਨੇ ਕਿਹਾ ਕਿ ਨਸ਼ਿਆਂ ਦੀ ਓਵਰਡੋਜ਼ ਕਾਰਨ ਰੋਜ਼ਾਨਾ ਹੋ ਰਹੀਆਂ ਮੌਤਾਂ ਨੇ ਹੱਸਦੇ-ਵਸਦੇ ਘਰ ਉਜਾੜ ਦਿੱਤੇ ਹਨ, ਜੋ ਪੂਰੇ ਸਮਾਜ ਦੇ ਭਵਿੱਖ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਇਸ ਗੰਭੀਰ ਮਸਲੇ ਦਾ ਠੋਸ ਹੱਲ ਕੱਢਿਆ ਜਾਵੇ। ਇਕ ਹੋਰ ਮਤੇ ਰਾਹੀਂ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸੰਸਥਾ ਨੂੰ ਅਲਾਟ ਕੀਤਾ ਗਿਆ ਸੀਨੀਅਰ ਸਿਟੀਜ਼ਨ ਹੋਮ ਜਲਦ ਸੌਂਪਿਆ ਜਾਵੇ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਪ੍ਰਕਾਸ਼ ਸਿੰਘ, ਬਲਦੇਵ ਕ੍ਰਿਸ਼ਨ, ਗੁਰਮੇਲ ਸਿੰਘ ਅਤੇ ਹਰਨੇਕ ਸਿੰਘ ਮੈਨੇਜਰ ਦੇ ਜਨਮਦਿਨ ਕੇਕ ਕੱਟ ਕੇ ਮਨਾਏ ਗਏ ਅਤੇ ਰੰਗਾਰੰਗ ਪ੍ਰੋਗਰਾਮ ਦੌਰਾਨ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਮਿਹਰ ਸਿੰਘ, ਹਰਨੇਕ ਸਿੰਘ ਮਾਹਲ, ਕੇਕੇ ਵਰਮਾ, ਜੈ ਕਿਸ਼ਨ ਕਸ਼ਯਪ, ਭਰਪੂਰ ਸਿੰਘ, ਦੀਵਾਨ ਚੰਦ ਗੁਪਤਾ, ਪਰਸ਼ੋਤਮ ਬਾਂਸਲ, ਗੁਰਦੇਵ ਸਿੰਘ ਭੋਲਾ ਅਤੇ ਜਸਵੀਰ ਸਿੰਘ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।