ਪੋਰਟਲ ਠੱਪ ਹੋਣ ਕਾਰਨ ਸੇਵਾ ਕੇਂਦਰ ਬਣੇ ‘ਸਜ਼ਾ ਕੇਂਦਰ’ : ਭੱਟੀ ਪੋਰਟਲ ਠੱਪ ਹੋਣ ਕਾਰਨ ਸੇਵਾ ਕੇਂਦਰ ਬਣੇ ‘ਸਜ਼ਾ ਕੇਂਦਰ’ : ਭੱਟੀ
Publish Date: Thu, 09 Jul 2026 06:03 PM (IST)
Updated Date: Fri, 10 Jul 2026 04:04 AM (IST)
ਫ਼ੋਟੋ ਫ਼ਾਈਲ : 16 ਫ਼ੋਟੋ ਕੈਪਸ਼ਨ : ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਹੋਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ‘ਕਨੈਕਟ ਪੰਜਾਬ’ ਪੋਰਟਲ ਦੇ ਵਾਰ-ਵਾਰ ਠੱਪ ਹੋਣ ਤੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਕਾਰਨ ਹੁਣ ਸੇਵਾ ਕੇਂਦਰ ਲੋਕਾਂ ਲਈ ‘ਸਜ਼ਾ ਕੇਂਦਰ’ ਬਣ ਚੁੱਕੇ ਹਨ ਤੇ ਜਨਤਾ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹਨ। ਪੋਰਟਲ ਬੰਦ ਹੋਣ ਕਾਰਨ ਜਨਮ, ਮੌਤ, ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟਾਂ ਸਮੇਤ ਆਧਾਰ ਕਾਰਡ ਨਾਲ ਸਬੰਧਤ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਪਿਆ ਹੈ। ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿੱਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ ਅਤੇ ਮਜ਼ਦੂਰ ਘੰਟਿਆਂਬੱਧੀ ਬਾਹਰ ਖੜ੍ਹੇ ਰਹਿੰਦੇ ਹਨ, ਪਰ ਆਖ਼ਰ ’ਚ ਉਨ੍ਹਾਂ ਨੂੰ ਪੋਰਟਲ ਨਾ ਚੱਲਣ ਦੀ ਗੱਲ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਇਸ ਨਾਲ ਲੋਕਾਂ ਦੇ ਸਮੇਂ ਦੇ ਨਾਲ-ਨਾਲ ਪੈਸੇ ਦੀ ਵੀ ਭਾਰੀ ਬਰਬਾਦੀ ਹੋ ਰਹੀ ਹੈ, ਕਿਉਂਕਿ ਦੂਰ-ਦੁਰਾਡੇ ਤੋਂ ਦਿਹਾੜੀ ਛੱਡ ਕੇ ਆਉਣ ਵਾਲੇ ਲੋਕਾਂ ਨੂੰ ਖਾਲੀ ਹੱਥ ਪਰਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਆਪਣੇ ਡਿਜ਼ੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ, ਉਸ ਨੂੰ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਦਾ ਪ੍ਰਤੱਖ ਸਬੂਤ ਹੈ। ਦੀਦਾਰ ਭੱਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ‘ਕਨੈਕਟ ਪੰਜਾਬ’ ਪੋਰਟਲ ਦੀਆਂ ਤਕਨੀਕੀ ਖਾਮੀਆਂ ਨੂੰ ਫੌਰੀ ਤੌਰ ’ਤੇ ਦੂਰ ਕਰਕੇ ਇਸ ਨੂੰ ਤੁਰੰਤ ਚਾਲੂ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਦੀ ਰਾਹਤ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ। ਉਨ੍ਹਾਂ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਮੰਗ ਕੀਤੀ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਹਰ ਨਾਗਰਿਕ ਦਾ ਅਧਿਕਾਰ ਹਨ, ਸਰਕਾਰ ਦਾ ਅਹਿਸਾਨ ਨਹੀਂ, ਇਸ ਲਈ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋਕਾਂ ਦੀ ਖੱਜਲ-ਖੁਆਰੀ ਬੰਦ ਕਰਨੀ ਚਾਹੀਦੀ ਹੈ।