
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਕੈਂਸਰ ਪੀੜਤਾਂ ਨੂੰ ਇਲਾਜ ਲਈ ਵਿੱਤੀ ਸਹਾਇਤਾ ਪ੍ਰਦਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕੈਂਸਰ ਪੀੜਤ ਤਿੰਨ ਮਰੀਜ਼ਾਂ ਨੂੰ ਇਲਾਜ ਲਈ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਸ ਦੌਰਾਨ ਕੈਂਸਰ ਪੀੜਤ ਬਲਵੀਰ ਸਿੰਘ ਪਿੰਡ ਚਰਨਾਥਲ ਕਲਾਂ, ਕੁਲਦੀਪ ਕੌਰ ਪਤਨੀ ਅਮਨਿੰਦਰ ਸਿੰਘ ਪਿੰਡ ਸੁਹਾਗਹੇੜੀ ਅਤੇ ਅਜੈਬ ਕੌਰ ਪਤਨੀ ਬਲਵੀਰ ਸਿੰਘ ਪਿੰਡ ਚਰਨਾਥਲ ਖ਼ੁਰਦ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਹ ਚੈੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਹਿਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਵੱਲੋਂ ਸਾਂਝੇ ਤੌਰ ’ਤੇ ਭੇਂਟ ਕੀਤੇ ਗਏ। ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀਆਂ ਦੇ ਮਹਿੰਗੇ ਇਲਾਜ ਕਾਰਨ ਪੀੜਤ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਅਜਿਹੇ ਪਰਿਵਾਰਾਂ ਦੀ ਬਾਂਹ ਫੜਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਧਾਰਮਿਕ ਪ੍ਰਚਾਰ ਦੇ ਨਾਲ-ਨਾਲ ਸਮਾਜ ਭਲਾਈ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸਮਰੱਥ ਵਰਗ ਨੂੰ ਵੀ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਇਲਾਜ ਖੁਣੋਂ ਵਾਂਝਾ ਨਾ ਰਹੇ। ਸਹਾਇਤਾ ਪ੍ਰਾਪਤ ਪਰਿਵਾਰਾਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਰਵਿੰਦਰ ਸਿੰਘ ਬੱਬਲ, ਰਵੀਪਾਲ ਸਿੰਘ ਚਰਨਾਥਲ, ਮਾਸਟਰ ਗੁਰਮੋਹਨ ਸਿੰਘ ਸਰਹਿੰਦ, ਇੰਦਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਸੁਹਾਗਹੇੜੀ ਮੌਜੂਦ ਸਨ।