ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਜੁੜੇ ਗੰਭੀਰ ਮਸਲਿਆਂ ਨੂੰ ਲੈ ਕੇ ਪਾਰਟੀ ਲੰਬੇ ਸਮੇਂ ਤੋਂ ਆਵਾਜ਼ ਉਠਾਉਂਦੀ ਆ ਰਹੀ ਹੈ, ਪਰ ਸਰਕਾਰਾਂ ਵੱਲੋਂ ਇਨ੍ਹਾਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਇਸ ਲਈ ਹੁਣ ਪਾਰਟੀ ਨੇ ਜਨ ਅੰਦੋਲਨ ਦਾ ਰਾਹ ਅਪਣਾਉਣ ਦਾ ਫੈਸਲਾ ਕੀਤਾ ਹੈ।
ਫਤਹਿਗੜ੍ਹ ਸਾਹਿਬ : ਪੰਜਾਬ ਦੇ ਲੰਬੇ ਸਮੇਂ ਤੋਂ ਲਟਕ ਰਹੇ ਅਤੇ ਭਖਦੇ ਮੁੱਦਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਇੱਕ ਵੱਡੇ ਜਨ ਸੰਘਰਸ਼ ਦੀ ਤਿਆਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੂਣੀਆਂ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਜੁੜੇ ਗੰਭੀਰ ਮਸਲਿਆਂ ਨੂੰ ਲੈ ਕੇ ਪਾਰਟੀ ਲੰਬੇ ਸਮੇਂ ਤੋਂ ਆਵਾਜ਼ ਉਠਾਉਂਦੀ ਆ ਰਹੀ ਹੈ, ਪਰ ਸਰਕਾਰਾਂ ਵੱਲੋਂ ਇਨ੍ਹਾਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਇਸ ਲਈ ਹੁਣ ਪਾਰਟੀ ਨੇ ਜਨ ਅੰਦੋਲਨ ਦਾ ਰਾਹ ਅਪਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 2 ਜੂਨ ਨੂੰ ਸਵੇਰੇ ਕਰੀਬ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦੀ ਅਗਵਾਈ ਵਿੱਚ
ਇਕੱਠੇ ਹੋ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੰਗ ਪੱਤਰ ਵਿੱਚ ਪੰਜਾਬ ਦੇ ਅਹਿਮ ਅਤੇ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਦੇ ਹੱਲ ਦੀ ਮੰਗ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਮੰਗ ਪੱਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਪੱਕੇ ਤੌਰ 'ਤੇ ਖੋਲ੍ਹਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਕਰਨ, ਬਾਘਾ ਬਾਰਡਰ ਅਤੇ ਹੁਸੈਨੀਵਾਲਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਦੀ ਮੰਗ ਸ਼ਾਮਲ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਦੀ ਰਾਖੀ, ਬਿਜਲੀ ਨਾਲ ਸਬੰਧਤ ਮਸਲਿਆਂ ਦੇ ਸਥਾਈ ਹੱਲ ਅਤੇ ਸੂਬੇ ਦੇ ਆਰਥਿਕ ਹਿੱਤਾਂ ਦੀ ਸੁਰੱਖਿਆ ਲਈ ਵੀ ਰਾਜਪਾਲ ਅਤੇ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ 'ਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਸਰਕਾਰਾਂ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਪੰਜਾਬ ਪੱਖੀ ਸੋਚ ਰੱਖਣ ਵਾਲੇ ਲੋਕਾਂ ਨੂੰ 2 ਜੂਨ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਤੇਜ ਸਿੰਘ ਮਹਿਦੂਦਾ ਮੈਂਬਰ ਵਰਕਿੰਗ ਕਮੇਟੀ, ਦਲਬਾਰਾ ਸਿੰਘ ਰੰਧਾਵਾ ਮੀਤ ਪ੍ਰਧਾਨ, ਗੁਰਦੇਵ ਸਿੰਘ ਵਿਰਕ ਸਰਕਲ ਪ੍ਰਧਾਨ, ਗੁਰਮੇਲ ਸਿੰਘ ਭਗੜਾਣਾ ਜਥੇਬੰਧਕ ਸਕੱਤਰ ਸੁਰਿੰਦਰ ਸਿੰਘ ਸੁਹਾਗਹੇੜੀ ਸਰਕਲ ਪ੍ਰਧਾਨ, ਹਰਮੇਲ ਸਿੰਘ ਰੰਘੇੜਾ ਸਰਕਲ ਪ੍ਰਧਾਨ, ਅਮਰਜੀਤ ਸਿੰਘ ਮੂਡਰੀਆ, ਕਸ਼ਮੀਰ ਸਿੰਘ ਬਿਲਾਸਪੁਰ, ਜਰਨੈਲ ਸਿੰਘ ਨਬੀ ਪੁਰ ਸਰਕਲ ਪ੍ਰਧਾਨ, ਸੁਰਜੀਤ ਸਿੰਘ ਚਨਾਰਥਲ ਸਰਕਲ ਪ੍ਰਧਾਨ, ਜਸਪਾਲ ਸਿੰਘ ਦਾਦੂ ਮਾਜਰਾ ਸਰਕਲ ਪ੍ਰਧਾਨ, ਗੁਰਧਰਮ ਸਿੰਘ ਦਾਦੂ ਮਾਜਰਾ, ਸਤਬੀਰ ਸਿੰਘ ਸਾਲਾਣਾ ਦੁੱਲਾ ਸਿੰਘ ਵਾਲਾ, ਪਰਮਜੀਤ ਸਿੰਘ ਸਾਲਾਣਾ ਦਾਰਾ ਸਿੰਘ ਵਾਲਾ, ਸਰਕਲ ਪ੍ਰਧਾਨ ਕੇਸਰ ਸਿੰਘ, ਜਗਦੀਸ਼ ਰਾਣਾ ਸਰਕਲ ਪ੍ਰਧਾਨ, ਮਾਜਟਰ ਅਜੀਤ ਸਿੰਘ ਸਰਕਲ ਪ੍ਰਧਾਨ, ਜਸਵੀਰ ਸਿੰਘ ਸਰਕਲ ਪ੍ਰਧਾਨ, ਹਰਪਾਲ ਸਿੰਘ ਜਮੀਤਗੜ੍ਹ ਸਰਕਲ ਪ੍ਰਧਾਨ, ਮੀਤ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਆਦੀ ਹਾਜ਼ਰ ਸਨ।