- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀ ਸੰਦਾਂ ਨਾਲ ਛੋਟੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ : ਵਿਧਾਇਕ ਰਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਹੁਮੰਤਵੀ ਸਹਿਕਾਰੀ ਸਭਾ ਜੱਲਾ ਨੂੰ ਖੇਤੀ ਨਾਲ ਸਬੰਧਤ ਸੰਦ ਸੌਂਪਣ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਗੁਰਵੀਰ ਸਿੰਘ ਜੱਲਾ ਨੂੰ ਟਰੈਕਟਰ ਦੀ ਚਾਬੀ ਸੌਂਪੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੱਲਾ ਸੁਸਾਇਟੀ ਨੂੰ 30 ਲੱਖ ਰੁਪਏ ਦੀ ਲਾਗਤ ਨਾਲ ਇਕ ਟਰੈਕਟਰ, 2 ਸੁਪਰਸੀਡਰ, 2 ਮਲਚਰ ਤੇ 1 ਪਲਾਓ ਦਿੱਤਾ ਗਿਆ ਹੈ। ਇਨ੍ਹਾਂ ਸੰਦਾਂ ਨਾਲ ਛੋਟੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਕੰਮ ਲਈ ਹੋਰਾਂ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ਸੁਸਾਇਟੀ ਤੋਂ ਕਿਰਾਏ ’ਤੇ ਸੰਦ ਮਿਲਣ ਨਾਲ ਕਿਸਾਨਾਂ ਨੂੰ ਸਹੂਲਤ ਹੋਵੇਗੀ ਤੇ ਸੁਸਾਇਟੀ ਦੀ ਆਮਦਨ ’ਚ ਵੀ ਵਾਧਾ ਹੋਵੇਗਾ। ਹਲਕੇ ਦੀਆਂ ਹੋਰ ਸੁਸਾਇਟੀਆਂ ਨੂੰ ਵੀ ਅਜਿਹੇ ਸੰਦ ਮੁਹੱਈਆ ਕਰਵਾਏ ਗਏ ਹਨ। ਵਿਧਾਇਕ ਰਾਏ ਨੇ ਦੱਸਿਆ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖ਼ਰੀਦ ਲਈ ਮੰਡੀਆਂ ’ਚ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸੂਬੇ ’ਚ ਪਰਾਲੀ ਸਾੜਨ ਦੇ ਮਾਮਲੇ ਲਗਭਗ ਖ਼ਤਮ ਹੋ ਚੁੱਕੇ ਹਨ ਕਿਉਂਕਿ ਕਿਸਾਨ ਜਾਗਰੂਕ ਹੋ ਚੁੱਕੇ ਹਨ ਕਿ ਅੱਗ ਲਗਾਉਣ ਨਾਲ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਵੀ ਪਰਾਲੀ ਸਾਂਭਣ ਲਈ ਯੋਗ ਸਾਧਨ ਦਿੱਤੇ ਜਾ ਰਹੇ ਹਨ। ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਵੀਰ ਸਿੰਘ ਜੱਲਾ, ਮਨਦੀਪ ਸਿੰਘ ਪੋਲਾ, ਸੰਦੀਪ ਸਿੰਘ ਭੱਲ ਮਾਜਰਾ, ਸੀਨੀਅਰ ਮੀਤ ਪ੍ਰਧਾਨ ਗੁਰਿੰਦਰ ਸਿੰਘ, ਮੀਤ ਪ੍ਰਧਾਨ ਬੰਤ ਸਿੰਘ, ਹਰਪਾਲ ਸਿੰਘ, ਰੁਪਿੰਦਰ ਸਿੰਘ, ਹਰਿੰਦਰ ਸਿੰਘ, ਗੁਰਪਾਲ ਸਿੰਘ, ਕਰਨੈਲ ਸਿੰਘ, ਸ਼ਿੰਗਾਰਾ ਸਿੰਘ, ਨਸੀਬ ਕੌਰ, ਮਨਜੀਤ ਕੌਰ, ਗਗਨਦੀਪ ਸਿੰਘ, ਨੰਬਰਦਾਰ ਨਾਹਰ ਸਿੰਘ, ਗੁਰਜੰਟ ਸਿੰਘ ਅਤੇ ਸੁਰਜੀਤ ਸਿੰਘ ਵੀ ਮੌਜੂਦ ਸਨ।