
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਤਹਿਗੜ੍ਹ ਸਾਹਿਬ ਵਿਖੇ ਲਹਿਰਾਇਆ ਤਿਰੰਗਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਸਰਹਿੰਦ ਦੇ ਮਾਧੋਪੁਰ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਸਕੂਲੀ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ, ਸਿੱਖਿਆ, ਸਿਹਤ ਤੇ ਸਮਾਜਿਕ ਭਲਾਈ ਲਈ ਵਚਨਬੱਧ ਹੈ। ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਧਾ ਕੇ 11 ਹਜ਼ਾਰ ਰੁਪਏ ਕੀਤੀ ਗਈ ਹੈ ਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 4 ਲੱਖ ਤੋਂ ਵੱਧ ਸ਼ਰਧਾਲੂਆਂ ਨੂੰ ਯਾਤਰਾ ਕਰਵਾਈ ਗਈ ਹੈ। ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਬਜਟ ’ਚ 100 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਮਾਈਨਿੰਗ ਅਤੇ ਖਣਿਜ ਪਦਾਰਥਾਂ ’ਤੇ ਲਿਆਂਦੇ ਬਿੱਲ ਨੂੰ ਸੂਬਿਆਂ ਦੀ ਖ਼ੁਦਮੁਖਤਿਆਰੀ ਅਤੇ ਸੰਵਿਧਾਨਕ ਹੱਕਾਂ ’ਤੇ ਸੱਟ ਕਰਾਰ ਦਿੱਤਾ। ਇਸ ਮੌਕੇ ਸੁਤੰਤਰਤਾ ਸੈਨਾਨੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਤੇ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ’ਚ ਵਿਧਾਇਕ ਰੁਪਿੰਦਰ ਸਿੰਘ ਹੈਪੀ, ਗੁਰਪ੍ਰੀਤ ਸਿੰਘ ਜੀਪੀ, ਅਜੈ ਲਿਬੜਾ, ਗੁਰਵਿੰਦਰ ਸਿੰਘ ਢਿੱਲੋਂ, ਰਸ਼ਪਿੰਦਰ ਸਿੰਘ ਰਾਜਾ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।