ਸਰਹਿੰਦ ਹਾਦਸੇ 'ਤੇ ਸਪੀਕਰ ਸੰਧਵਾਂ ਨੇ ਪ੍ਰਗਟਾਇਆ ਦੁੱਖ : ਕੋਟਕਪੂਰਾ ਦੇ ਸ਼ਰਧਾਲੂਆਂ ਦੀ ਮੌਤ 'ਤੇ ਕੀਤਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 2-2 ਲੱਖ ਰੁਪਏ ਦਾ ਮੁਆਵਜ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਰਾਤ ਸਰਹਿੰਦ ਨੇੜੇ ਕਿਵਾੜ ਲੈ ਕੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਇੱਕ ਸ਼ਰਧਾਲੂ ਜ਼ਖ਼ਮੀ ਹੋਇਆ ਹੈ ਚਾਰੇ ਸ਼ਰਧਾਲੂਆਂ ਦੀ ਪਹਿਚਾਣ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਨਾਲ ਹੋਈ ਹੈ।
Publish Date: Sun, 09 Aug 2026 04:46 PM (IST)
Updated Date: Sun, 09 Aug 2026 04:52 PM (IST)
ਫ਼ਤਹਿਗੜ੍ਹ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਰਾਤ ਸਰਹਿੰਦ ਨੇੜੇ ਕਿਵਾੜ ਲੈ ਕੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਇੱਕ ਸ਼ਰਧਾਲੂ ਜ਼ਖ਼ਮੀ ਹੋਇਆ ਹੈ ਚਾਰੇ ਸ਼ਰਧਾਲੂਆਂ ਦੀ ਪਹਿਚਾਣ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਨਾਲ ਹੋਈ ਹੈ।
ਸਪੀਕਰ ਕੁਲਤਾਰ ਸੰਧਵਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਤਿੰਨੋਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚੋਂ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀ ਹੋਏ ਵਿਅਕਤੀ ਦਾ ਪੰਜਾਬ ਸਰਕਾਰ ਦੀ ਤਰਫੋਂ ਮੁਫ਼ਤ ਇਲਾਜ ਕਰਵਾਇਆ ਜਾਵੇਗਾ ਅਤੇ ਲੋੜੀਂਦੀ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਸ. ਸੰਧਵਾਂ ਨੇ ਕਿਹਾ ਕਿ ਤਿੰਨ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਦੇਣ ਲਈ ਅਰਦਾਸ ਕੀਤੀ। ਉਨ੍ਹਾਂ ਜ਼ਖ਼ਮੀ ਸ਼ਰਧਾਲੂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜ਼ਖ਼ਮੀ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਵਾੜ ਯਾਤਰਾ ਦੌਰਾਨ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਨੂੰ ਪਹਿਲ ਦੇਣ। ਇਸ ਮੌਕੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਐਸ ਐਸ ਪੀ ਸੁਭਮ ਅਗਰਵਾਲ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।