
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸੁਰੱਖਿਅਤ ਸਬਜ਼ੀ ਕਾਸ਼ਤ ਬਾਰੇ ਵਿਸ਼ੇਸ਼ ਲੈਕਚਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਵੱਲੋਂ ‘ਸੁਰੱਖਿਅਤ ਢੰਗ ਨਾਲ ਸਬਜ਼ੀਆਂ ਦੀ ਖੇਤੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵੈਜੀਟੇਬਲ ਸਾਇੰਸ ਵਿਭਾਗ ਦੇ ਸੇਵਾਮੁਕਤ ਪ੍ਰੋਫੈਸਰ ਡਾ. ਕੁਲਬੀਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਕੁਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਗ੍ਰੀਨਹਾਊਸ ਤਕਨੀਕ, ਸਬਜ਼ੀਆਂ ਦੀ ਚੋਣ, ਨਰਸਰੀ ਪ੍ਰਬੰਧ, ਸਿੰਚਾਈ, ਖਾਦਾਂ ਤੇ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੁਰੱਖਿਅਤ ਕਾਸ਼ਤ ਰਾਹੀਂ ਮੌਸਮ ਦੇ ਮਾੜੇ ਪ੍ਰਭਾਵਾਂ ਤੋਂ ਬਚ ਕੇ ਸਾਰਾ ਸਾਲ ਮਿਆਰੀ ਸਬਜ਼ੀਆਂ ਪੈਦਾ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਇਸ ਖੇਤਰ ’ਚ ਵਪਾਰਕ ਖੇਤੀ ਤੇ ਸਵੈ-ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਾਨਣਾ ਪਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਸਵਾਲ-ਜਵਾਬ ਰਾਹੀਂ ਆਪਣੇ ਸ਼ੰਕੇ ਦੂਰ ਕੀਤੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਖੇਤੀਬਾੜੀ ਵਿਭਾਗ ਦੀ ਮੁਖੀ ਡਾ. ਜਸਪ੍ਰੀਤ ਕੌਰ ਢਿੱਲੋਂ ਨੇ ਡਾ. ਕੁਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ ਅਤੇ ਅੰਡਰਗ੍ਰੈਜੂਏਟ ਤੇ ਪੋਸਟਗ੍ਰੈਜੂਏਟ ਵਿਦਿਆਰਥੀ ਮੌਜੂਦ ਸਨ।