- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ’ਚ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਕਰਵਾਏ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਕਰੀਅਰ ਗਾਈਡੈਂਸ ਤੇ ਕੌਂਸਲਿੰਗ ਸੈੱਲ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਜਸਪ੍ਰੀਤ ਵਾਸੂ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਦੋ ਵਿਸ਼ੇਸ਼ ਲੈਕਚਰ ਕਰਵਾਏ ਗਏ। ਇਸ ਦੌਰਾਨ 14 ਸਤੰਬਰ ਨੂੰ ਹੋਏ ਲੈਕਚਰ ਮੌਕੇ ਭਵਿਸ਼ਯਾ ਬਾਂਸਲ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਸਹੀ ਤਿਆਰੀ ਅਤੇ ਸਮਾਂ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੀਸੀਐਸ, ਬੈਂਕ ਪੀਓ ਸਮੇਤ ਗਰੁੱਪ ਬੀ ਅਧੀਨ ਆਉਂਦੇ ਪਟਵਾਰੀ, ਕਾਨੂੰਗੋ, ਪੰਜਾਬ ਪੁਲਿਸ, ਫ਼ੌਜ ਅਤੇ ਕਲੈਰੀਕਲ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਇਸੇ ਤਰ੍ਹਾਂ 17 ਸਤੰਬਰ ਨੂੰ ਗੌਰਵ ਅਤੇ ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਮੌਜੂਦਾ ਦੌਰ ’ਚ ਸਿਬਿਲ ਸਕੋਰ ਦਰੁਸਤ ਰੱਖਣ, ਕਰਜ਼ੇ ਦੀ ਵਿਆਜ਼ ਦਰ ਦਾ ਹਿਸਾਬ ਲਗਾਉਣ, ਈਐਮਆਈ ਪ੍ਰਬੰਧਨ ਅਤੇ ਨਵਾਂ ਸਟਾਰਟਅੱਪ ਸ਼ੁਰੂ ਕਰਕੇ ਉੱਦਮੀ ਬਣਨ ਬਾਰੇ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਜਸਪ੍ਰੀਤ ਵਾਸੂ ਨੇ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਦੇ ਦੌਰ ’ਚ ਅਜਿਹੇ ਲੈਕਚਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਬੇਹੱਦ ਜ਼ਰੂਰੀ ਹਨ ਤਾਂ ਜੋ ਉਹ ਖ਼ੁਦ ਉੱਦਮੀ ਬਣ ਕੇ ਦੂਜਿਆਂ ਨੂੰ ਵੀ ਰੁਜ਼ਗਾਰ ਦੇਣ ਦੇ ਯੋਗ ਬਣ ਸਕਣ। ਕੌਂਸਲਿੰਗ ਸੈੱਲ ਦੇ ਕੋਆਰਡੀਨੇਟਰ ਡਾ. ਕਮਾਲ ਖੱਟੜਾ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।