ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਮਨਾਇਆਲ ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 558ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Mon, 23 Nov 2026 05:24 PM (IST)
Updated Date: Mon, 23 Nov 2026 05:28 PM (IST)
ਫ਼ੋਟੋ ਫ਼ਾਈਲ : 15-ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਡਾ. ਕੰਵਲਜੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਤੇ ਹੋਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 558ਵਾਂ ਪ੍ਰਕਾਸ਼ ਪੁਰਬ ਚਾਰ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਸ਼ਰਧਾ ਨਾਲ ਮਨਾਇਆ ਗਿਆ। ਆਖਰੀ ਦਿਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸਲੋਕਾਂ ਦਾ ਸੰਗਤੀ ਪਾਠ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਨੇ ਕਥਾ-ਵਿਚਾਰ ਕੀਤੀ। ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਡਾ. ਕੰਵਲਜੀਤ ਸਿੰਘ ਨੇ ਵਿਸ਼ੇਸ਼ ਭਾਸ਼ਣ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ, ਫਲਸਫੇ ਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਦੀ ਅਜੋਕੇ ਸਮੇਂ ’ਚ ਅਹਿਮੀਅਤ ਉਜਾਗਰ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਪ੍ਰੋ. ਪਰਮਵੀਰ ਸਿੰਘ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਕੁਲਵਿੰਦਰ ਸਿੰਘ ਅਤੇ ਟਰੱਸਟ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਆਪਸੀ ਵਿਚਾਰ-ਵਟਾਂਦਰੇ ਰਾਹੀਂ ਸਮਾਜਿਕ ਮਸਲਿਆਂ ਨੂੰ ਸੁਲਝਾਉਣ ਦੀ ਲੋੜ ਬਾਰੇ ਗੱਲ ਕੀਤੀ। ਵਾਈਸ-ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਰਬ-ਸਾਂਝੀਵਾਲਤਾ, ਸਮਾਨਤਾ, ਸੇਵਾ ਅਤੇ ਵੰਡ ਛਕਣ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਇਨ੍ਹਾਂ ਆਦਰਸ਼ਾਂ ਨੂੰ ਜੀਵਨ ’ਚ ਅਪਣਾਉਣ ਦੀ ਗੱਲ ਕਹੀ। ਸਮਾਗਮ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ। ਚਾਰ ਰੋਜ਼ਾ ਸਮਾਗਮਾਂ ਦੌਰਾਨ ਸਿਹਤ ਜਾਂਚ ਅਤੇ ਖੂਨਦਾਨ ਕੈਂਪ, ਸਥਾਈ ਵਿਕਾਸ ਵਿਸ਼ੇ ’ਤੇ ਮਾਡਲ ਮੁਕਾਬਲਾ, ਰਾਸ਼ਟਰੀ ਸੈਮੀਨਾਰ, ‘ਸਾਖੀ ਸੁਣਾਓ’ ਮੁਕਾਬਲਾ, ਸਫਾਈ ਮੁਹਿੰਮ ਅਤੇ ‘ਕਿਰਤ ਕਰੋ, ਵੰਡ ਛਕੋ’ ਵਿਸ਼ੇ ’ਤੇ ਪ੍ਰਦਰਸ਼ਨੀ ਲਗਾਈ ਗਈ। ਆਨਲਾਈਨ ਰਾਸ਼ਟਰੀ ਕੁਇਜ਼ ’ਚ 800 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ ਅਤੇ ਐਨਐਸਐਸ ਦੇ 300 ਵਲੰਟੀਅਰਾਂ ਨੇ ਕੈਂਪਸ ਦੀ ਸਫਾਈ ਕੀਤੀ। ‘ਸਾਖੀ ਸੁਣਾਓ’ ਮੁਕਾਬਲੇ ’ਚ ਗਗਨਦੀਪ ਕੌਰ, ਅੰਮ੍ਰਿਤ ਕੌਰ ਅਤੇ ਗੁਰਵਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਵਿਦਿਆਰਥੀ ਸੈਮੀਨਾਰ ’ਚ ਅੰਮ੍ਰਿਤ ਕੌਰ, ਜਸਪ੍ਰੀਤ ਕੌਰ ਅਤੇ ਰਾਜਨਦੀਪ ਕੌਰ ਜੇਤੂ ਰਹੀਆਂ। ਸੰਗੀਤ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵੀਸ਼ਰੀ ਅਤੇ ਗਤਕੇ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਡਾ. ਹਰਨੀਤ ਬਿਲਿੰਗ, ਡਾ. ਅੰਕਦੀਪ ਕੌਰ ਅਟਵਾਲ, ਡਾ. ਹਰਦੇਵ ਸਿੰਘ, ਡਿਪਟੀ ਰਜਿਸਟਰਾਰ ਜਗਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਮੁੱਖ ਬੁਲਾਰੇ ਅਤੇ ਪੇਸ਼ਕਾਰੀ ਕਰਨ ਵਾਲੇ ਜਥਿਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।