ਫਤਿਹਗੜ੍ਹ ਸਾਹਿਬ ’ਚ ਆਮ ਆਦਮੀ ਕਲੀਨਿਕ ਦੇ ਸਟਾਫ਼ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ, ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ
ਆਮ ਆਦਮੀ ਕਲੀਨਿਕ ਸਾਂਝਾ ਫਰੰਟ, ਪੰਜਾਬ ਦੇ ਸੱਦੇ 'ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ’ਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕਲ ਸਹਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਨਿਸ਼ਚਿਤਕਾਲੀ ਹੜਤਾਲ ਸ਼ੁਰੂ ਕਰ ਦਿੱਤੀ ਹੈ।
Publish Date: Mon, 27 Jul 2026 11:20 AM (IST)
Updated Date: Mon, 27 Jul 2026 11:22 AM (IST)
ਦੀਪਕ ਸੂਦ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ। ਆਮ ਆਦਮੀ ਕਲੀਨਿਕ ਸਾਂਝਾ ਫਰੰਟ, ਪੰਜਾਬ ਦੇ ਸੱਦੇ 'ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ’ਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕਲ ਸਹਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਨਿਸ਼ਚਿਤਕਾਲੀ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਸਟਾਫ਼ ਮੈਂਬਰਾਂ ਨੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂ ਡਾ. ਸੁਖਵਿੰਦਰ ਸਿੰਘ ਅਤੇ ਡਾ. ਸੁਲੱਖਣ ਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਅਤੇ ਮੰਗਾਂ ਮੰਨਣ ਦਾ ਭਰੋਸਾ ਮਿਲਣ ਦੇ ਬਾਵਜੂਦ ਹੁਣ ਤੱਕ ਕੋਈ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਤਨਖ਼ਾਹ ਅਤੇ ਇੰਸੈਂਟਿਵ ’ਚ ਸਾਲਾਨਾ ਵਾਧਾ ਕੀਤਾ ਜਾਵੇ। ਕੈਜੁਅਲ ਅਤੇ ਮੈਡੀਕਲ ਛੁੱਟੀਆਂ ਦਾ ਪ੍ਰਬੰਧ ਕੀਤਾ ਜਾਵੇ। ਨੌਕਰੀ ਦੀ ਸੁਰੱਖਿਆ ਅਤੇ ਸੇਵਾਵਾਂ ਨੂੰ ਪੱਕਾ ਕੀਤਾ ਜਾਵੇ।
ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਵੀ ਕਈ ਵਾਰ ਮੁਲਾਕਾਤ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਨੇ ਮੰਗਾਂ ਪ੍ਰਤੀ ਕੋਈ ਗੰਭੀਰ ਕਦਮ ਨਹੀਂ ਚੁੱਕਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਭਰ ਵਿੱਚ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਦੇ ਸਾਹਮਣੇ ਇਹ ਵਿਰੋਧ ਪ੍ਰਦਰਸ਼ਨ ਜਾਰੀ ਹੈ। ਜਦੋਂ ਤੱਕ ਸਰਕਾਰ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਇਹ ਸੰਘਰਸ਼ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।
ਧਰਨੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵੀ ਸ਼ਿਰਕਤ ਕੀਤੀ। ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਹਤਰ ਸਿਹਤ ਸੁਵਿਧਾਵਾਂ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ।
ਇਸ ਮੌਕੇ ਰਣਜੀਤ ਕੌਰ, ਮਨਪ੍ਰੀਤ ਕੌਰ, ਅਮਨਜੋਤ ਕੌਰ, ਸੰਦੀਪ ਕੌਰ, ਵੰਦਨਾ ਕੁમારી, ਇਸ਼ਮੀਤ, ਸੁਖਪ੍ਰੀਤ ਕੌਰ, ਤਰਨਜੀਤ, ਸੰਦੀਪ ਸਿੰਘ, ਆਸ਼ੂਤੋਸ਼, ਸਾਜਨ ਕੁਮਾਰ, ਡਾ. ਗਗਨਦੀਪ ਸਿੰਘ, ਡਾ. ਮੰਨਤ, ਡਾ. ਅਨੁਜ, ਡਾ. ਅਨਮੋਲ, ਕੁਲਦੀਪ ਸਿੰਘ, ਜਸਕਰਨ ਸਿੰਘ ਸਹਿਤ ਹੋਰ ਹਾਜ਼ਰ ਸਨ।