
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੁਚੜੇ ਨਰਵਾਣਾ ਨਹਿਰ ’ਤੇ ਬਣੇਗਾ ਸਟੀਲ ਦਾ ਪੁਲ : ਵਿਧਾਇਕ ਰਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬੁਚੜੇ ਨਰਵਾਣਾ ਨਹਿਰ ’ਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਦੇ ਪੁਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚਾ ਅਤੇ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਵਿਧਾਇਕ ਰਾਏ ਨੇ ਦੱਸਿਆ ਕਿ 70 ਸਾਲ ਪੁਰਾਣੇ ਅਤੇ ਤੰਗ ਪੁਲ ਕਾਰਨ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਹ ਨਵਾਂ ਪੁਲ ਕਰੀਬ 6 ਮਹੀਨੇ ’ਚ ਬਣ ਕੇ ਤਿਆਰ ਹੋ ਜਾਵੇਗਾ, ਜਿਸ ਨਾਲ ਚਨਾਰਥਲ ਕਲਾਂ, ਬਧੋਛੀਕਲਾਂ, ਖਰੋੜਾ ਖਰੋੜੀ, ਨਬੀਪੁਰ ਅਤੇ ਪਟਿਆਲਾ ਰੋਡ ਦੀ ਆਵਾਜਾਈ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਵੀ ਸ਼ਰਧਾਲੂਆਂ ਦੇ ਵਾਹਨ ਇਸ ਪੁਲ ਰਾਹੀਂ ਆਸਾਨੀ ਨਾਲ ਲੰਘ ਸਕਣਗੇ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚਾ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸਡੀਓ ਕ੍ਰਿਸ਼ਨ ਗੋਪਾਲ ਗਿੱਲ, ਕੁਲਵਿੰਦਰ ਸਿੰਘ, ਬਲਕਾਰ ਸਿੰਘ ਨਬੀਪੁਰ, ਬਿਕਰਮਜੀਤ ਸਿੰਘ ਅਤੇ ਬਲਵੀਰ ਸਿੰਘ ਚੀਮਾ ਸਮੇਤ ਹੋਰ ਪਤਵੰਤੇ ਮੌਜੂਦ ਸਨ।