- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਟਰੈਕਟ ਅਧਿਆਪਕਾਂ ਦੇ ਹੱਕ ’ਚ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੇ ਦਿੱਤਾ ਮੰਗ ਪੱਤਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕੰਟਰੈਕਟ ਅਧਿਆਪਕਾਂ ਦੇ ਹੱਕ ’ਚ ਕਾਲਜ ਇੰਚਾਰਜ ਰਾਹੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ। ਵਿਦਿਆਰਥੀਆਂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ, ਨੇਬਰਹੁਡ ਕੈਂਪਸਾਂ ਅਤੇ ਰੀਜਨਲ ਸੈਂਟਰਾਂ ’ਚ ਪਿਛਲੇ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੰਟਰੈਕਟ ਅਧਿਆਪਕ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਯੂਨੀਵਰਸਿਟੀ ਨੇ ਸਾਲ 2022 ’ਚ ਯੂਜੀਸੀ ਰੈਗੂਲੇਸ਼ਨ ਰੈਗੂਲਰ, ਐਡਹਾਕ ਅਤੇ ਗੈਸਟ ਫੈਕਲਟੀ ’ਤੇ ਲਾਗੂ ਕਰ ਦਿੱਤਾ, ਪਰ ਕੰਟਰੈਕਟ ਅਧਿਆਪਕਾਂ ਨੂੰ ਇਸ ਤੋਂ ਵਾਂਝਾ ਰੱਖਿਆ ਗਿਆ। ਅਦਾਲਤ ਵੱਲੋਂ ਕੇਸ ਜਿੱਤਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦੇ ਰਿਹਾ। ਅਧਿਆਪਕਾਂ ਦੇ ਸੰਘਰਸ਼ ਕਾਰਨ ਕਲਾਸਾਂ ਨਾ ਲੱਗਣ ਕਰਕੇ ਵਿਦਿਆਰਥੀਆਂ ਦਾ ਭਾਰੀ ਅਕਾਦਮਿਕ ਨੁਕਸਾਨ ਹੋ ਰਿਹਾ ਹੈ। ਪ੍ਰੀਖਿਆਵਾਂ ਦਾ ਸਿਲੇਬਸ ਅਧੂਰਾ ਪਿਆ ਹੈ ਅਤੇ ਯੂਨੀਵਰਸਿਟੀ ਦੇ ਯੁਵਕ ਮੇਲੇ ਸਮੇਤ ਖੇਡ ਗਤੀਵਿਧੀਆਂ ਦੀਆਂ ਤਿਆਰੀਆਂ ਵੀ ਪ੍ਰਭਾਵਿਤ ਹੋਈਆਂ ਹਨ। ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਤਾਂ ਜੋ ਕਾਲਜਾਂ ’ਚ ਪੜ੍ਹਾਈ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਸਕੇ।