- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਵਿਦਿਆਰਥੀ : ਰਾਜਪਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਪੰਜਵਾਂ ਡਿਗਰੀ ਵੰਡ ਸਮਾਗਮ 2026 ਕਰਵਾਇਆ ਗਿਆ। ਸਮਾਗਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ. ) ਪਰਿਤ ਪਾਲ ਸਿੰਘ ਦੀ ਮੌਜੂਦਗੀ ਵਿਚ ਸ਼ੁਰੂ ਹੋਇਆ। ਸਮਾਗਮ ਦੀ ਸ਼ੁਰੂਆਤ ਤੋਂ ਬਾਅਦ ਕੀਰਤਨ ਗਾਇਨ ਹੋਇਆ। ਇਸ ਤੋਂ ਬਾਅਦ ਸਵਾਗਤ ਸੰਬੋਧਨ ਕੀਤਾ ਗਿਆ ਅਤੇ ਫਿਰ ਉਪ-ਕੁਲਪਤੀ ਵੱਲੋਂ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿਚ ਯੂਨੀਵਰਸਿਟੀ ਦੀਆਂ ਅਕਾਦਮਿਕ, ਖੋਜ, ਢਾਂਚਾਗਤ ਵਿਕਾਸ ਅਤੇ ਰੁਜ਼ਗਾਰ ਸੰਬੰਧੀ ਪ੍ਰਾਪਤੀਆਂ ਦਾ ਵੇਰਵਾ ਦਿੱਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਾਸ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮੁੱਲਾਂ ਤੇ ਆਧਾਰਿਤ ਅਤੇ ਹੁਨਰ-ਕੇਂਦਰਿਤ ਸਿੱਖਿਆ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਦੀ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ। ਡਿਗਰੀ ਵੰਡ ਸਮਾਰੋਹ ਵਿਚ ਟਰਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਬੀਬੀ ਹਰਜਿੰਦਰ ਕੌਰ; ਸਿੰਡੀਕੇਟ ਮੈਂਬਰ ਜਗਬੀਰ ਸਿੰਘ ਸੋਖੀ; ਸੈਨੇਟ ਮੈਂਬਰ ਡਾ. ਗੁਰਮੋਹਨ ਸਿੰਘ ਵਾਲੀਆ, ਜਸਮੈਰ ਸਿੰਘ ਲਛਰੂ ਅਤੇ ਬਲਦੇਵ ਸਿੰਘ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ; ਸ਼੍ਰੋਮਣੀ ਅਕਾਲੀ ਦਲ, ਫਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ; ਬਾਬਾ ਬੰਦਾ ਸਿੰਘ ਬਹਾਦੁਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ; ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ; ਰਜਿਸਟਰਾਰ ਡਾ. ਤੇਜ਼ਬੀਰ ਸਿੰਘ; ਡੀਨ ਰਿਸਰਚ ਡਾ. ਨਵਦੀਪ ਕੌਰ; ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ; ਆਈਕਿਊਏਸੀ ਡਾਇਰੈਕਟਰ ਡਾ. ਅੰਕਦੀਪ ਕੌਰ ਅਟਵਾਲ; ਡੀਨ ਅਲੂਮਨੀ ਡਾ. ਸਰਪ੍ਰੀਤ ਸਿੰਘ; ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਫੈਕਲਟੀ ਮੈਂਬਰਾਂ ਸਮੇਤ ਮਾਣਯੋਗ ਮਹਿਮਾਨ ਅਤੇ ਅਕਾਦਮਿਕ ਅਗੂ ਮੌਜੂਦ ਸਨ। ਸਮਾਗਮ ਦੌਰਾਨ 31 ਖੋਜ ਵਿਦਿਆਰਥੀਆਂ ਨੂੰ ਪੀਐਚਡੀ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਜਦਕਿ 616 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। 27 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ ਅਤੇ ਵਿਸ਼ੇਸ਼਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਰਾਜਪਾਲ ਤਗਮਾ ਲਵਪ੍ਰੀਤ ਕੌਰ (ਇਤਿਹਾਸ ਵਿਭਾਗ), ਹਰਸ਼ਦੀਪ ਸਿੰਘ (ਕਾਮਰਸ ਅਤੇ ਮੈਨੇਜਮੈਂਟ ਵਿਭਾਗ) ਅਤੇ ਤਰਨਜੋਤ ਕੌਰ (ਅੰਗਰੇਜ਼ੀ ਵਿਭਾਗ) ਨੂੰ ਪ੍ਰਦਾਨ ਕੀਤਾ ਗਿਆ।