- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਗਬੀ ਸੂਬਾਈ ਮੁਕਾਬਲਿਆਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਗਬੀ ਸੂਬਾਈ ਮੁਕਾਬਲਿਆਂ ’ਚ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਵੱਲੋਂ ਖੇਡਦਿਆਂ ਸੋਨ ਤਗਮੇ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੇ 21 ਤੋਂ 30 ਸਾਲ ਉਮਰ ਵਰਗ ’ਚ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਤੇ ਕੌਮਾਂਤਰੀ ਪੱਧਰ ਦੇ ਰਗਬੀ ਖਿਡਾਰੀਆਂ ਅੰਮ੍ਰਿਤਪਾਲ ਸਿੰਘ ਤੇ ਅਮਨਦੀਪ ਸਿੰਘ, ਫ਼ਿਜ਼ੀਓਥੈਰੇਪੀ ਵਿਭਾਗ ਦੇ ਵਿਦਿਆਰਥੀ ਉਦੈ ਸੋਨਰੀਆ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀ ਦਮਨਜੀਤ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਸੋਨ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ 21 ਸਾਲ ਤੋਂ ਘੱਟ ਉਮਰ ਵਰਗ ’ਚ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਵਿਦਿਆਰਥੀਆਂ ਹਰਸ਼ਪ੍ਰੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਵੀ ਬਿਹਤਰੀਨ ਖੇਡ-ਕੁਸ਼ਲਤਾ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ। ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ। ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਇਸ ਜਿੱਤ ਦਾ ਸਿਹਰਾ ਯੂਨੀਵਰਸਿਟੀ ਦੇ ਰਗਬੀ ਕੋਚ ਸੰਦੀਪ ਕੁਮਾਰ ਸਿਰ ਬੰਨ੍ਹਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।