- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਈਨ ਗਰੋਵ ਕਾਲਜ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ, ਬੱਸੀ ਪਠਾਣਾਂ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਮਾਗਮ ਦੌਰਾਨ ਕਾਲਜ ਦੀ ਤਰੱਕੀ, ਨਵੇਂ ਸੈਸ਼ਨ ਦੀ ਸਫ਼ਲਤਾ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਵਿਜੈ ਕੁਮਾਰ ਕੌਸ਼ਲ, ਮੈਨੇਜਿੰਗ ਡਾਇਰੈਕਟਰ ਡਾ. ਵਿਕਾਸ ਕੌਸ਼ਲ, ਪ੍ਰਿੰਸੀਪਲ ਡਾ. ਦੀਪਾਲੀ ਸਿੰਗਲਾ, ਡਾਇਰੈਕਟਰ ਵੀਨਾ ਕੌਸ਼ਲ ਅਤੇ ਕਾਲਜ ਪ੍ਰਬੰਧਕ ਪਵਨਦੀਪ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਡਾ. ਵਿਕਾਸ ਕੌਸ਼ਲ ਨੇ ਸਮੂਹ ਹਾਜ਼ਰੀਨ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਗੁਰੂ ਸਾਹਿਬ ਦਾ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦਾ ਸੰਦੇਸ਼ ਸਾਨੂੰ ਸੱਚਾਈ, ਇਮਾਨਦਾਰੀ, ਆਪਸੀ ਪਿਆਰ, ਬਰਾਬਰਤਾ ਅਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਡਾਇਰੈਕਟਰ ਵੀਨਾ ਕੌਸ਼ਲ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਅਧਿਆਤਮਿਕ ਚੇਤਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਪ੍ਰਬੰਧਕ ਪਵਨਦੀਪ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ ਹੈ। ਅੰਤ ’ਚ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।