21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਜ਼ਰੂਰੀ : ਰਿਆ
ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਜ਼ਰੂਰੀ : ਰਿਆ
Publish Date: Wed, 19 Aug 2026 05:26 PM (IST)
Updated Date: Wed, 19 Aug 2026 05:27 PM (IST)
ਫ਼ੋਟੋ ਫ਼ਾਈਲ : 15 ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ ਤੇ ਹੋਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਿੱਖ ਕੌਮ ਨਾਲ ਸਰਾਸਰ ਬੇਇਨਸਾਫ਼ੀ ਅਤੇ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਸਿੱਖਾਂ ਪ੍ਰਤੀ ਦੋਹਰਾ ਮਾਪਦੰਡ ਅਪਣਾ ਰਹੀਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਜਗਤ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬੀਆਂ, ਦੁਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਧਾਰਮਿਕ-ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦੇ ਕੇ ਕਾਮਯਾਬ ਬਣਾਉਣ ਤਾਂ ਜੋ ਗੂੰਗੀ-ਬੋਲੀ ਸਰਕਾਰ ਦੇ ਕੰਨਾਂ ਤੱਕ ਸਿੱਖ ਕੌਮ ਦੀ ਆਵਾਜ਼ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮਸਲਾ ਕਿਸੇ ਇਕ ਪਾਰਟੀ ਦਾ ਨਹੀਂ ਸਗੋਂ ਸਮੁੱਚੀ ਕੌਮ ਦਾ ਤੇ ਮਨੁੱਖੀ ਅਧਿਕਾਰਾਂ ਦਾ ਹੈ।