ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੀ ਹਾਈਕਮਾਨ ਨੂੰ ਸ਼ਿਕਾਇਤ ਕੀਤੀ
ਟਕਸਾਲੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਵਿਰੁੱਧ ਖੋਲ੍ਹਿਆ ਮੋਰਚਾ, ਹਾਈਕਮਾਂਡ ਤੱਕ ਪਹੁੰਚੀ ਸ਼ਿਕਾਇਤ
Publish Date: Sun, 12 Apr 2026 06:07 PM (IST)
Updated Date: Mon, 13 Apr 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪਿਛਲੇ ਦਿਨੀਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵੱਲੋਂ ਦਿੱਤੇ ਗਏ ਬਿਆਨ ਤੇ ਅੰਮ੍ਰਿਤਪਾਲ ਸਿੰਘ ਟਿਵਾਣਾ (ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ), ਬਲਵਿੰਦਰ ਮਾਵੀ ਅਤੇ ਮੋਹਣ ਲਾਲ ਸਲੇਮਪੁਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ ਅਤੇ ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਵੱਲੋਂ ਈਸ਼ਰਪ੍ਰੀਤ ਸਿੰਘ ਸਿੱਧੂ ਨਾਲ ਚੱਲ ਰਹੇ ਆਗੂਆਂ ਨੂੰ ‘ਆਮ ਆਦਮੀ ਪਾਰਟੀ ਦੀ ਬੀ-ਟੀਮ’ ਕਹਿਣਾ ਬੇਹੱਦ ਮੰਦਭਾਗਾ ਅਤੇ ਘਟੀਆ ਦਰਜੇ ਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚੌਥੀ ਪੀੜ੍ਹੀ ਤੋਂ ਕਾਂਗਰਸ ਨਾਲ ਜੁੜੇ ਹੋਏ ਹਾਂ ਅਤੇ 1992 ਦੇ ਉਸ ਦੌਰ ਵਿਚ ਵੀ ਪਾਰਟੀ ਲਈ ਵੋਟਾਂ ਪਾਈਆਂ ਸਨ ਜਦੋਂ ਪੰਜਾਬ ਵਿਚ ਚੋਣਾਂ ਦਾ ਬਾਈਕਾਟ ਸੀ। ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਉਨ੍ਹਾਂ ਨੂੰ ਕਾਂਗਰਸੀ ਹੋਣ ਦਾ ਸਰਟੀਫਿਕੇਟ ਜ਼ਿਲ੍ਹਾ ਪ੍ਰਧਾਨ ਕੋਲੋਂ ਲੈਣਾ ਪਵੇਗਾ। ਜ਼ਿਲ੍ਹਾ ਪ੍ਰਧਾਨ ਵੱਲੋ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਟਿਕਟ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਟਿਵਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਟਿਕਟਾਂ ਦੀ ਵੰਡ ਇਕ ਨਿਸ਼ਚਿਤ ਪ੍ਰਕਿਰਿਆ (ਸਕਰੀਨਿੰਗ ਅਤੇ ਵਰਕਿੰਗ ਕਮੇਟੀ) ਰਾਹੀਂ ਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਦਾ ਸਿਰਫ਼ ਇਕ ਹੀ ਜਰਨੈਲ ਹੈ—ਰਾਹੁਲ ਗਾਂਧੀ। ਕਿਸੇ ਵਿਅਕਤੀ ਵਿਸ਼ੇਸ਼ ਨੂੰ ‘ਅਜਿੱਤ ਜਰਨੈਲ’ ਦੱਸਣਾ ਪਾਰਟੀ ਦੇ ਸੱਭਿਆਚਾਰ ਨੂੰ ਸੱਟ ਮਾਰਨ ਦੇ ਬਰਾਬਰ ਹੈ। ਆਗੂਆਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਕਾਂਗਰਸ ਦੀ ਵੱਡੀ ਹਾਰ ਦਾ ਮੁੱਖ ਕਾਰਨ ਪੁਰਾਣੇ ਵਰਕਰਾਂ ਦੀ ਨਾਰਾਜ਼ਗੀ ਸੀ। ਉਨ੍ਹਾਂ ਕਿਹਾ ਅਸੀਂ ਘਰ-ਘਰ ਜਾ ਕੇ ਉਨ੍ਹਾਂ ਪੁਰਾਣੇ ਕਾਂਗਰਸੀਆਂ ਨੂੰ ਮਨਾ ਰਹੇ ਹਾਂ ਜੋ ਮੌਜੂਦਾ ਲੀਡਰਸ਼ਿਪ ਦੇ ਵਤੀਰੇ ਤੋਂ ਦੁਖੀ ਹੋ ਕੇ ਘਰ ਬੈਠ ਗਏ ਹਨ। ਉਨ੍ਹਾਂ ਨੂੰ ਪਾਰਟੀ ਮਨਾ ਕੇ ਪਾਰਟੀ ਨਾਲ ਜੋੜਾਂਗੇ। ਉਕਤ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਇਸ ਸਾਰੇ ਮਾਮਲੇ ਦੀ ਲਿਖਤੀ ਸ਼ਿਕਾਇਤ ਪਾਰਟੀ ਹਾਈਕਮਾਂਡ ਨੂੰ ਭੇਜ ਦਿੱਤੀ ਹੈ। ਇਸ ਮੌਕੇ ਆਗੂਆਂ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਪੁਰਾਣੇ ਕਾਂਗਰਸੀਆਂ ਨੂੰ ਮੀਟਿੰਗਾਂ ਵਿਚ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।