- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਕਾਲਾ ਅਧਿਆਪਕ ਦਿਵਸ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਅਧਿਆਪਕ ਦਿਵਸ ਨੂੰ ਕਾਲੇ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ। ਕਾਲਜਾਂ ਅਤੇ ਕੈਂਪਸਾਂ ਵਿਚ ਇਨ੍ਹਾਂ ਅਧਿਆਪਕਾਂ ਦਾ ਧਰਨਾ 19ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਪਿਛਲੇ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਇਹ ਅਧਿਆਪਕ ਯੂਜੀਸੀ ਵੱਲੋਂ 2018 ਵਿਚ ਪ੍ਰਵਾਨਿਤ ਤਨਖਾਹ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਹ ਕਮਿਸ਼ਨ ਰੈਗੂਲਰ, ਐਡਹਾਕ ਅਤੇ ਗੈਸਟ ਫੈਕਲਟੀ ’ਤੇ ਲਾਗੂ ਕਰ ਦਿੱਤਾ ਗਿਆ ਹੈ, ਪਰ ਕੰਟਰੈਕਟ ਅਧਿਆਪਕਾਂ ਨੂੰ ਇਸ ਤੋਂ ਵਾਂਝੇ ਰੱਖਿਆ ਗਿਆ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੇ ਝੰਡੇ ਹੇਠ ਮਨਾਏ ਗਏ ਇਸ ਕਾਲੇ ਦਿਵਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਹਾਈਕੋਰਟ ਦਾ ਫ਼ੈਸਲਾ ਉਨ੍ਹਾਂ ਦੇ ਹੱਕ ਵਿਚ ਆ ਚੁੱਕਿਆ ਹੈ, ਪਰ ਪ੍ਰਸ਼ਾਸਨ ਇਸ ਨੂੰ ਲਾਗੂ ਨਹੀਂ ਕਰ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਵਿਚ ਵਿਦਿਆਰਥੀਆਂ ਨੂੰ ਸ਼ਾਮਲ ਕਰਕੇ ਅਦਾਰੇ ਪੱਕੇ ਤੌਰ ’ਤੇ ਬੰਦ ਕੀਤੇ ਜਾਣਗੇ।