ਫ਼ਤਹਿਗੜ੍ਹ ਸਾਹਿਬ ’ਚ ਭਿਆਨਕ ਸੜਕ ਹਾਦਸਾ: ਹਰਿਦੁਆਰ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ, 2 ਦੀ ਮੌਤ; 16 ਜ਼ਖ਼ਮੀ
ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਲੁਧਿਆਣਾ ਦੇ ਬਬਲੂ ਕੁਮਾਰ (28) ਅਤੇ ਆਸ਼ੀਸ਼ ਕੁਮਾਰ (12) ਵਜੋਂ ਹੋਈ ਹੈ। ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ।
Publish Date: Sun, 16 Aug 2026 02:46 PM (IST)
Updated Date: Sun, 16 Aug 2026 02:52 PM (IST)
ਦੀਪਕ ਸੂਦ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ। ਲੁਧਿਆਣਾ ਤੋਂ ਹਰਿਦੁਆਰ ਧਾਰਮਿਕ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਛੋਟਾ ਹਾਥੀ ਸਰਹਿੰਦ ਦੇ ਮਾਧੋਪੁਰ ਚੌਕ ਨੇੜੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਗਿਆ। ਇਸ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 16 ਸ਼ਰਧਾਲੂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਲੁਧਿਆਣਾ ਦੇ ਬਬਲੂ ਕੁਮਾਰ (28) ਅਤੇ ਆਸ਼ੀਸ਼ ਕੁਮਾਰ (12) ਵਜੋਂ ਹੋਈ ਹੈ। ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ।
ਜ਼ਖ਼ਮੀਆਂ ’ਚੋਂ ਕੁਝ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਸੀ, ਜਿਨ੍ਹਾਂ ਨੂੰ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉੱਚ ਮੈਡੀਕਲ ਸਹੂਲਤਾਂ ਲਈ ਰੈਫ਼ਰ ਕਰ ਦਿੱਤਾ ਹੈ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਥਾਣਾ ਸਰਹਿੰਦ ਪੁਲਿਸ ਦੇ ਅਨੁਸਾਰ, ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੇ ਕਾਰਨਾਂ ਦੀ ਸਹੀ ਜਾਣਕਾਰੀ ਜੁਟਾਉਣ ਅਤੇ ਫ਼ਰਾਰ ਵਾਹਨ ਦਾ ਸੁਰਾਗ ਲਗਾਉਣ ਲਈ ਪੁਲਿਸ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ।
ਛੋਟੇ ਹਾਥੀ ਦੇ ਚਾਲਕ ਨੇ ਹਾਦਸੇ ਦੀ ਆਪ-ਬੀਤੀ ਦੱਸਦਿਆਂ ਕਿਹਾ ਕਿ ਉਹ ਲੁਧਿਆਣਾ ਤੋਂ ਸ਼ਰਧਾਲੂਆਂ ਨੂੰ ਲੈ ਕੇ ਹਰਿਦੁਆਰ ਲਈ ਰਵਾਨਾ ਹੋਏ ਸਨ। ਜਿਵੇਂ ਹੀ ਉਨ੍ਹਾਂ ਦੀ ਗੱਡੀ ਸਰਹਿੰਦ ਦੇ ਕੋਲ ਮਾਧੋਪੁਰ ਚੌਕ ਦੇ ਕਰੀਬ ਪਹੁੰਚੀ ਤਾਂ ਅੱਗੇ ਚੱਲ ਰਹੇ ਇੱਕ ਅਣਪਛਾਤੇ ਵਾਹਨ ਨੇ ਅਚਾਨਕ ਉਨ੍ਹਾਂ ਦੀ ਗੱਡੀ ’ਚ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।