‘ਆਪ’ ਦੇ ਰਾਜ ’ਚ ਸੂਬੇ ਦਾ ਹਾਲਾਤ ਬਦਤਰ ਹੋਏ : ਸਿੱਧੂ
‘ਆਪ’ ਦੇ ਰਾਜ ’ਚ ਸੂਬੇ ਦਾ ਹਾਲਾਤ ਬਦਤਰ ਹੋਏ : ਈਸ਼ਰਪ੍ਰੀਤ ਸਿੱਧੂ
Publish Date: Thu, 11 Jun 2026 08:11 PM (IST)
Updated Date: Fri, 12 Jun 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਕਾਂਗਸੀ ਆਗੂ ਅਤੇ ਐੱਨਐੱਸਯੂਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਵੱਲੋਂ ਪਿੰਡ ਨਡਿਆਲੀ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਮਰਥਕਾਂ ਵੱਲੋਂ ਈਸ਼ਰਪ੍ਰੀਤ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਈਸ਼ਰਪ੍ਰੀਤ ਸਿੱਧੂ ਨੇ ਮੌਜੂਦਾ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦਤਰ ਹੋ ਚੁੱਕੇ ਹਨ। ਪਿਛਲੀਆਂ ਸਰਕਾਰਾਂ ਅਤੇ ਆਗੂਆਂ ਨੇ ਹਮੇਸ਼ਾ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਹਿੱਤਾਂ ਬਾਰੇ ਹੀ ਸੋਚਿਆ ਹੈ, ਜਦੋਂ ਕਿ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਕਾਸ ਵੱਲ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਹਲਕੇ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਥਾਂ-ਥਾਂ ’ਤੇ ਗੋਡੇ-ਗੋਡੇ ਡੂੰਘੇ ਖੱਡੇ ਬਣੇ ਹੋਏ ਹਨ, ਜਿਸ ਕਾਰਨ ਰੋਜ਼ਾਨਾ ਭਿਆਨਕ ਹਾਦਸੇ ਵਾਪਰ ਰਹੇ ਹਨ, ਪਰ ਸੁੱਤੀ ਹੋਈ ਪੰਜਾਬ ਸਰਕਾਰ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਹੀ। ਸਿੱਧੂ ਨੇ ਅੱਗੇ ਕਿਹਾ ਕਿ ਜਦੋਂ ਦੀ ‘ਆਪ’ ਸਰਕਾਰ ਬਣੀ ਹੈ, ਪਿਛਲੇ 4-5 ਸਾਲਾਂ ਤੋਂ ਫਤਹਿਗੜ੍ਹ ਸਾਹਿਬ ਦੀਆਂ ਟ੍ਰੈਫਿਕ ਲਾਈਟਾਂ ਤੱਕ ਬੰਦ ਪਈਆਂ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਨਤਾ ਦੀਆਂ ਸਮੱਸਿਆਵਾਂ ਵੱਲ ਨਾ ਤਾਂ ਪੰਜਾਬ ਸਰਕਾਰ ਧਿਆਨ ਦੇ ਰਹੀ ਹੈ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ, ਜਿਸ ਕਾਰਨ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਸਰਕਾਰੀ ਸਿਸਟਮ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ। ਆਮ ਲੋਕਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਖਾਣ ਲਈ ਮਜਬੂਰ ਹਨ। ਈਸ਼ਰਪ੍ਰੀਤ ਸਿੱਧੂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਨੂੰ ਇੱਕ ਵਾਰ ਸੇਵਾ ਦਾ ਮੌਕਾ ਦਿੱਤਾ ਜਾਵੇ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕਾ ਫਤਹਿਗੜ੍ਹ ਸਾਹਿਬ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਜਾਵੇਗੀ।