- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਅਮਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਘਟਨਾ ਦੌਰਾਨ ਹੰਗਾਮਾ, ਧੱਕਾ-ਮੁੱਕੀ ਅਤੇ ਟਕਰਾਅ ਦਾ ਮਾਹੌਲ ਬਣਿਆ ਉਸ ਵਿਚ ਪੁਲਿਸ ਦੀ ਭੂਮਿਕਾ 'ਤੇ ਵੀ ਗੰਭੀਰ ਸਵਾਲ ਉੱਠੇ ਹਨ, ਉਸ ਨਾਲ ਇਹ ਪ੍ਰਭਾਵ ਜਾਂਦਾ ਹੈ ਕਿ ਪੰਜਾਬ ਵਿੱਚ ਨਿਰਪੱਖ ਲੋਕਤੰਤਰੀ ਪ੍ਰਕਿਰਿਆ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਅਤੇ ਸਾਡੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਪੁਲਿਸ 'ਤੇ ਪੱਖਪਾਤ ਦੇ ਗੰਭੀਰ ਦੋਸ਼ ਲਗਾਏ ਗਏ ਹਨ।

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਅੱਜ ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਵਾਪਰੀ ਹਿੰਸਕ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਵਿੱਚ ਲੋਕਤੰਤਰ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਡਾ. ਅਮਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਗੁੰਡੇ ਅਨਸਰਾਂ ਵੱਲੋਂ ਕਾਂਗਰਸੀ ਕੌਂਸਲਰਾਂ ਅਤੇ ਆਮ ਲੋਕਾਂ ਨਾਲ ਧੱਕੇਸ਼ਾਹੀ, ਹਿੰਸਾ ਅਤੇ ਗੁੰਡਾਗਰਦੀ ਕੀਤੀ ਗਈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਡਰਾਉਣ-ਧਮਕਾਉਣ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਹਰ ਕੋਸ਼ਿਸ਼ ਲੋਕਤੰਤਰ ਦੀ ਸਿੱਧੀ ਸਿੱਧੀ ਹੱਤਿਆ ਹੈ।
ਡਾ. ਅਮਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਘਟਨਾ ਦੌਰਾਨ ਹੰਗਾਮਾ, ਧੱਕਾ-ਮੁੱਕੀ ਅਤੇ ਟਕਰਾਅ ਦਾ ਮਾਹੌਲ ਬਣਿਆ ਉਸ ਵਿਚ ਪੁਲਿਸ ਦੀ ਭੂਮਿਕਾ 'ਤੇ ਵੀ ਗੰਭੀਰ ਸਵਾਲ ਉੱਠੇ ਹਨ, ਉਸ ਨਾਲ ਇਹ ਪ੍ਰਭਾਵ ਜਾਂਦਾ ਹੈ ਕਿ ਪੰਜਾਬ ਵਿੱਚ ਨਿਰਪੱਖ ਲੋਕਤੰਤਰੀ ਪ੍ਰਕਿਰਿਆ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਅਤੇ ਸਾਡੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਪੁਲਿਸ 'ਤੇ ਪੱਖਪਾਤ ਦੇ ਗੰਭੀਰ ਦੋਸ਼ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਰਾਜਨੀਤਿਕ ਵਿਰੋਧੀਆਂ ਨੂੰ ਡਰਾ ਕੇ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਕਰ ਸੱਤਾਧਾਰੀ ਪਾਰਟੀ ਆਪਣੇ ਰਾਜਨੀਤਿਕ ਲਾਭ ਲਈ ਹਿੰਸਾ ਅਤੇ ਦਬਾਅ ਦੀ ਰਾਜਨੀਤੀ ਕਰੇਗੀ ਤਾਂ ਲੋਕਾਂ ਦਾ ਲੋਕਤੰਤਰੀ ਸੰਸਥਾਵਾਂ ਤੋਂ ਵਿਸ਼ਵਾਸ ਉੱਠ ਜਾਵੇਗਾ।
ਡਾ. ਅਮਰ ਸਿੰਘ ਨੇ ਕਿਹਾ ਕਿ ਕਾਦੀਆਂ ਦੀ ਘਟਨਾ ਕੋਈ ਇਕੱਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਨੇ ਕਪੂਰਥਲਾ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਸਮੇਤ ਕਈ ਸਥਾਨਾਂ 'ਤੇ ਲੋਕਾਂ ਦੇ ਸਪੱਸ਼ਟ ਫ਼ਤਵੇ ਨੂੰ ਕਥਿਤ ਤੌਰ 'ਤੇ ਸੱਤਾ ਦੇ ਦਬਾਅ, ਸਿਆਸੀ ਜੋੜ-ਤੋੜ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਰਾਹੀਂ ਪਲਟਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਕਾਂਗਰਸ ਨੂੰ ਲੋਕਾਂ ਦਾ ਬਹੁਮਤ ਮਿਲਿਆ, ਉੱਥੇ ਆਮ ਆਦਮੀ ਪਾਰਟੀ ਨੇ ਲੋਕਤੰਤਰੀ ਪਰੰਪਰਾਵਾਂ ਨੂੰ ਕੁਚਲਣ ਅਤੇ ਚੁਣੇ ਹੋਏ ਨੁਮਾਇੰਦਿਆਂ 'ਤੇ ਦਬਾਅ ਬਣਾਉਣ ਦਾ ਰਾਹ ਅਪਣਾਇਆ। ਕਪੂਰਥਲਾ ਵਿੱਚ ਕਾਂਗਰਸ ਕੋਲ ਸਪੱਸ਼ਟ ਬਹੁਮਤ ਹੋਣ ਦੇ ਬਾਵਜੂਦ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਅਤੇ ਮਾਮਲਾ ਹਾਈਕੋਰਟ ਤੱਕ ਪਹੁੰਚਿਆ। ਇਸੇ ਤਰ੍ਹਾਂ ਮੋਰਿੰਡਾ ਵਿੱਚ ਕਾਂਗਰਸੀ ਕੌਂਸਲਰਾਂ ਨੂੰ ਵੋਟ ਪਾਉਣ ਤੋਂ ਰੋਕਣ, ਪੁਲਿਸ ਦੀ ਦੁਰਵਰਤੋਂ ਅਤੇ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲੱਗੇ, ਜਦਕਿ ਸ੍ਰੀ ਚਮਕੌਰ ਸਾਹਿਬ ਵਿੱਚ ਵੀ ਲੋਕਾਂ ਦੇ ਫ਼ਤਵੇ ਨੂੰ ਕਮਜ਼ੋਰ ਕਰਨ ਲਈ ਸਿਆਸੀ ਜੋੜ-ਤੋੜ ਦੇ ਦੋਸ਼ ਸਾਹਮਣੇ ਆਏ। ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਫ਼ੈਸਲੇ ਦਾ ਸਨਮਾਨ ਕਰਨ ਦੀ ਬਜਾਏ ਮਨੀਸ਼ ਸਿਸੋਦੀਆ ਦੇ ਕਹੇ ਅਨੁਸਾਰ ਸਾਮ, ਦਾਮ, ਦੰਡ, ਭੇਦ ਦੀ ਨੀਤੀ ਅਪਣਾਉਂਦੇ ਹੋਏ ਹਰ ਕੀਮਤ 'ਤੇ ਸੱਤਾ ਹਾਸਲ ਕਰਨ ਦੀ ਰਾਜਨੀਤੀ ਕਰ ਰਹੀ ਹੈ।
ਡਾ. ਅਮਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਇਸ ਪੂਰੀ ਘਟਨਾ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ, ਹਿੰਸਾ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਕਿਸੇ ਪੁਲਿਸ ਅਧਿਕਾਰੀ ਨੇ ਆਪਣੀ ਡਿਊਟੀ ਨਿਰਪੱਖਤਾ ਨਾਲ ਨਹੀਂ ਨਿਭਾਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਮਤਾਧਿਕਾਰ ਦੀ ਰੱਖਿਆ ਲਈ ਹਰ ਪੱਧਰ 'ਤੇ ਸੰਘਰਸ਼ ਕਰੇਗੀ ਅਤੇ ਸੱਤਾ ਦੇ ਨਸ਼ੇ ਵਿੱਚ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।