ਟਰਾਂਸਫਾਰਮਰਾਂ ’ਚੋਂ ਤਾਂਬਾ ਚੋਰੀ
ਟ੍ਰਾਂਸਫਾਰਮਰਾ ਵਿੱਚੋ ਤਾਂਬਾ ਚੋਰੀ
Publish Date: Thu, 23 Apr 2026 07:33 PM (IST)
Updated Date: Thu, 23 Apr 2026 07:37 PM (IST)

ਗਰਗ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਇਲਾਕੇ ਦੇ ਪਿੰਡ ਹਿੰਮਤਗੜ੍ਹ ਦੇ ਖੇਤਾਂ ਦੀਆਂ ਮੋਟਰਾਂ ਉੱਪਰ ਲੱਗੇ ਟਰਾਂਸਫਾਰਮਰ ਤੋੜ ਕੇ ਉਨ੍ਹਾਂ ਵਿੱਚੋਂ ਤਾਂਬਾ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ । ਇਨ੍ਹਾਂ ਵੱਧ ਰਹੀਆਂ ਚੋਰੀਆਂ ਕਾਰਨ ਕਿਸਾਨਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਚੋਰਾਂ ਦੇ ਹੌਸਲੇ ਦਿਨੋਂ-ਦਿਨ ਵਧਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਪ੍ਰਭਾਵਿਤ ਕਿਸਾਨਾਂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਖੇਤਾਂ ਵਿੱਚ ਪਹੁੰਚੇ ਤਾਂ ਦੇਖਿਆ ਕਿ ਮੋਟਰਾਂ ਉੱਪਰ ਲੱਗੇ ਟਰਾਂਸਫਾਰਮਰ ਤੋੜ ਕੇ ਹੇਠਾਂ ਸੁੱਟੇ ਹੋਏ ਸਨ। ਚੋਰ ਟਰਾਂਸਫਾਰਮਰਾਂ ਵਿੱਚੋਂ ਤਾਂਬਾ ਅਤੇ ਹੋਰ ਸਾਮਾਨ ਕੱਢ ਕੇ ਲੈ ਗਏ, ਜਿਸ ਨਾਲ ਉਨ੍ਹਾਂ ਨੂੰ ਕਾਫੀ ਆਰਥਿਕ ਨੁਕਸਾਨ ਝੱਲਣਾ ਪਿਆ। ਉਨ੍ਹਾਂ ਦੱਸਿਆ ਕਿ ਕੁੱਲ ਚਾਰ ਮੋਟਰਾਂ ਉੱਪਰ ਚੋਰੀ ਹੋਈ ਹੈ। ਪਹਿਲੀ ਰਾਤ ਦੋ ਮੋਟਰਾਂ ਅਤੇ ਦੂਜੀ ਰਾਤ ਹੋਰ ਦੋ ਮੋਟਰਾਂ ਨਿਸ਼ਾਨਾ ਬਣੀਆਂ। ਇਹ ਸਾਰੀਆਂ ਮੋਟਰਾਂ ਪਿੰਡ ਹਿੰਮਤਗੜ੍ਹ ਦੀਆਂ ਦੱਸੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧਿਤ ਵਿਭਾਗ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਮੌਕੇ ਪ੍ਰਭਾਵਿਤ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦੀ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗ ਸਕੇ।