ਘਰੇਲੂ ਗੈਸ ਸਿਲੰਡਰਾਂ ਦੀ ਜ਼ਿਲ੍ਹੇ ’ਚ ਕੋਈ ਕਮੀ ਨਹੀਂ : ਡੀਸੀ
ਘਰੇਲੂ ਗੈਸ ਸਿਲੰਡਰਾਂ ਦੀ ਜ਼ਿਲ੍ਹੇ ਵਿੱਚ ਕੋਈ ਕਮੀ ਨਹੀਂ : ਡੀਸੀ
Publish Date: Mon, 30 Mar 2026 05:52 PM (IST)
Updated Date: Mon, 30 Mar 2026 05:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹੇ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫਵਾਹਾਂ ਤੋਂ ਦੂਰ ਰਹਿਣ ਅਤੇ ਫੈਲ ਰਹੀਆਂ ਗਲਤ ਜਾਣਕਾਰੀਆਂ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਰੂਰੀ ਵਸਤੂਆਂ ਦੀ ਸਪਲਾਈ ਤੇ ਉਨ੍ਹਾਂ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਗੈਸ ਸਿਲੰਡਰ ਵਿਦਿਅਕ ਆਦਾਰਿਆਂ, ਹਸਪਤਾਲਾਂ, ਹੋਸਟਲਾਂ ਅਤੇ ਵਿਆਹ ਸਮਾਗਮਾਂ ਨੂੰ ਤਰਜੀਹ ਦੇ ਆਧਾਰ ’ਤੇ ਉਪਲੱਬਧ ਕਰਵਾਏ ਜਾ ਰਹੇ ਹਨ। ਹੋਟਲਾਂ, ਢਾਬਿਆਂ ਅਤੇ ਇੰਡਸਟਰੀਆਂ ਲਈ ਵੀ ਸਰਕਾਰੀ ਹਦਾਇਤਾਂ ਅਨੁਸਾਰ ਸਪਲਾਈ ਜਾਰੀ ਹੈ। ਸਥਿਤੀ ਉੱਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਤੇ ਲੋਕ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।