ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਫਸਲ ਖਰੀਦ 'ਚ ਕੇਂਦਰ ਸਰਕਾਰ ਤੁਰੰਤ ਨਿਯਮਾਂ ਦੀ ਦੇਵੇ ਢਿੱਲ, ਡਾ. ਅਮਰ ਸਿੰਘ ਕੀਤੀ ਮੰਗ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧ ਵਿੱਚ ਕੇਂਦਰੀ ਖਾਦ ਮੰਤਰੀ ਪਰਲਹਾਦ ਜੋਸ਼ੀ ਨੂੰ ਲਿਖਤੀ ਰੂਪ ਵਿਚ ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਸਥਿਤੀ ਤੋਂ ਅਗਾਹ ਕਰਵਾਇਆ ਹੈ ਅਤੇ ਤੁਰੰਤ ਦਖਲ ਦੀ ਮੰਗ ਕੀਤੀ ਹੈ।
Publish Date: Thu, 16 Apr 2026 02:27 PM (IST)
Updated Date: Thu, 16 Apr 2026 02:28 PM (IST)
ਫਤਿਹਗੜ੍ਹ ਸਾਹਿਬ/ਨਵੀਂ ਦਿੱਲੀ : ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਪੰਜਾਬ ਨਾਲ ਵਿਤਕਰਾ ਬੰਦ ਕਰਦੇ ਹੋਏ ਹਰਿਆਣਾ ਅਤੇ ਰਾਜਸਥਾਨ ਦੀ ਤਰਜ ਤੇ ਖਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧ ਵਿੱਚ ਕੇਂਦਰੀ ਖਾਦ ਮੰਤਰੀ ਪਰਲਹਾਦ ਜੋਸ਼ੀ ਨੂੰ ਲਿਖਤੀ ਰੂਪ ਵਿਚ ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਸਥਿਤੀ ਤੋਂ ਅਗਾਹ ਕਰਵਾਇਆ ਹੈ ਅਤੇ ਤੁਰੰਤ ਦਖਲ ਦੀ ਮੰਗ ਕੀਤੀ ਹੈ।
ਡਾ. ਅਮਰ ਸਿੰਘ ਨੇ ਦੱਸਿਆ ਕਿ ਮਾਰਚ ਅਤੇ ਅਪ੍ਰੈਲ ਦੇ ਸ਼ੁਰੂ ਵਿੱਚ ਬੇ-ਮੌਸਮੀ ਬਰਸਾਤਾਂ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਵਿੱਚ ਖੜੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਦਾ ਪ੍ਰਭਾਵ ਹੁਣ ਮੰਡੀਆਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ, ਜਿੱਥੇ ਕਿਸਾਨ ਆਪਣੀ ਫਸਲ ਲੈ ਕੇ ਬੈਠੇ ਹਨ ਪਰ ਖਰੀਦ ਏਜੰਸੀਆਂ ਵੱਲੋਂ ਖਰੀਦ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਮੌਸਮੀ ਨੁਕਸਾਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਨਮੀ ਅਤੇ ਦਾਣਾ ਸੁੰਗੜਨ ਵਰਗੇ ਖਰੀਦ ਮਾਪਦੰਡਾਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਗਈ। ਜਿਸ ਕਾਰਨ ਕਿਸਾਨਾਂ ਦੀ ਫਸਲ ਮਿਆਰਾਂ ’ਤੇ ਖਰੀ ਨਾ ਉਤਰਣ ਕਰਕੇ ਖਰੀਦ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਗੱਲ ਹੈ।
ਡਾ. ਅਮਰ ਸਿੰਘ ਨੇ ਹੋਰ ਕਿਹਾ ਕਿ ਪਿਛਲੇ ਸਾਲ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਲੱਖਾਂ ਏਕੜ ਵਿੱਚ ਫਸਲਾਂ ਨੂੰ ਤਬਾਹ ਕਰ ਦਿੱਤਾ ਸੀ। ਜਿੱਥੇ ਝੋਨੇ ਦੀ ਫਸਲ ਬਚ ਗਈ, ਉਥੇ ਵੀ ਪੈਦਾਵਾਰ ਕਾਫੀ ਘੱਟ ਰਹੀ। ਇਸ ਤਰ੍ਹਾਂ ਪੰਜਾਬ ਦੇ ਕਿਸਾਨ ਕਣਕ ਅਤੇ ਝੋਨੇ, ਦੋਹਾਂ ਮੌਸਮਾਂ ਵਿੱਚ ਵੱਡੇ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਅਪੀਲ ਕੀਤੀ ਕਿ ਮੌਜੂਦਾ ਗੰਭੀਰ ਹਾਲਾਤਾਂ ਨੂੰ ਦੇਖਦੇ ਹੋਏ ਤੁਰੰਤ ਖਰੀਦ ਨਿਯਮਾਂ ਵਿੱਚ ਰਾਹਤ ਦਿੱਤੀ ਜਾਵੇ ਅਤੇ ਸੰਬੰਧਤ ਏਜੰਸੀਆਂ ਨੂੰ ਮੰਡੀਆਂ ਵਿੱਚ ਪਈ ਫਸਲ ਦੀ ਖਰੀਦ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਫੈਸਲਾ ਨਾ ਲਿਆ ਗਿਆ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ, ਜਿਸ ਨਾਲ ਪੰਜਾਬ ਦੀ ਖੇਤੀਬਾੜੀ ਆਰਥਿਕਤਾ ’ਤੇ ਵੀ ਗੰਭੀਰ ਅਸਰ ਪਵੇਗਾ।