'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਸਿਖਲਾਈ ਪ੍ਰੋਗਰਾਮ ਕਰਵਾਇਆ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਿਖਲਾਈ ਪ੍ਰੋਗਰਾਮ ਦਾ ਆਯੋਜਨ
Publish Date: Fri, 09 Jan 2026 05:30 PM (IST)
Updated Date: Fri, 09 Jan 2026 05:33 PM (IST)

ਪੰਜਾਬੀ ਜਾਗਰਣ ਟੀਮ, ਅਮਲੋਹ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਲਈ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪ੍ਰੋਗਰਾਮ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਨੇ ਕਿਹਾ ਕਿ ਜਿਸ ਤਰ੍ਹਾਂ ਸਾਰੇ ਨਾਗਰਿਕਾਂ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਪਹਿਲੇ ਪੜਾਅ ਤਹਿਤ ਸਰਗਰਮ ਭੂਮਿਕਾ ਨਿਭਾਈ ਸੀ ਉਸੇ ਤਰ੍ਹਾਂ ਇਸ ਦੂਜੇ ਪੜਾਅ ਤਹਿਤ ਵੀ ਸਾਰਿਆਂ ਨੇ ਰਲ ਕੇ ਹੰਭਲਾ ਮਾਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇਸ ਸਬੰਧੀ ਸਾਰਥਕ ਭੂਮਿਕਾ ਅਦਾ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਕਾਲੇ ਕਾਰੋਬਾਰ ਨੂੰ ਸਖਤੀ ਨਾਲ ਠੱਲ ਪਾਈ ਜਾ ਰਹੀ ਹੈ। ਇਸ ਮੌਕੇ ਐੱਸਡੀਐੱਮ ਚੇਤਨ ਬੰਗੜ ਤੇ ਡੀਐੱਸਪੀ ਗੁਰਦੀਪ ਸਿੰਘ ਨੇ ਕਰਮਵਾਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿਚ ਦੱਸਿਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੇਦੀ, ਇਕਬਾਲ ਸਿੰਘ ਰਾਏ, ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪ੍ਰਿੰਸ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਭੁਪਿੰਦਰ ਸਿੰਘ ਮਿੰਟੂ, ਕੁਲਜੀਤ ਸਿੰਘ ਵੀ ਮੌਜੂਦ ਸਨ।