ਐੱਸਆਈਆਰ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਟ੍ਰੇਨਿੰਗ
ਐਸਆਈਆਰ 2026 ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੀ ਟ੍ਰੇਨਿੰਗ
Publish Date: Thu, 11 Jun 2026 05:14 PM (IST)
Updated Date: Fri, 12 Jun 2026 04:06 AM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਜਾ ਸਿਆਲ ਗਰੇਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸਆਈਆਰ) ਸਬੰਧੀ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ’ਚ ਵਿਧਾਨ ਸਭਾ ਚੋਣ ਹਲਕਾ ਬਸੀ ਪਠਾਣਾਂ ਅਤੇ ਫਤਹਿਗੜ੍ਹ ਸਾਹਿਬ ਦੇ ਸਮੂਹ ਸੁਪਰਵਾਈਜ਼ਰਾਂ, ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਤਕਨੀਕੀ ਸਟਾਫ਼, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਕਾਨੂੰਗੋ ਅਤੇ ਕਲਰਕ ਓਪਰੇਟਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਸਾਰੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇਨੂਮੀਰੇਸ਼ਨ ਫ਼ਾਰਮ ਸਮੇਤ ਬੀਐਲਓ ਐਪ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਐੱਸਆਈਆਰ 2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਵੱਖ-ਵੱਖ ਟੀਮਾਂ ਅਤੇ ਨੋਡਲ ਅਫ਼ਸਰਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ ’ਤੇ ਗਠਿਤ ਮੀਡੀਆ ਮੋਨੀਟਰਿੰਗ ਟੀਮ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਵਾਲੀਆਂ ਖ਼ਬਰਾਂ ਦੀ ਨਿਗਰਾਨੀ ਵੀ ਕਰੇਗੀ, ਤਾਂ ਜੋ ਕਿਸੇ ਵੀ ਗਲਤ ਜਾਣਕਾਰੀ ਦੀ ਪੜਤਾਲ ਕਰਕੇ ਸਹੀ ਤੱਥ ਵੋਟਰਾਂ ਤੱਕ ਪਹੁੰਚਾਏ ਜਾ ਸਕਣ। ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ 2026 ਦੌਰਾਨ ਹਰੇਕ ਬੀਐੱਲਓ ਵੋਟਰਾਂ ਦੇ ਘਰ-ਘਰ ਜਾ ਕੇ ਇਨੂਮੀਰੇਸ਼ਨ ਫ਼ਾਰਮ ਦੇਵੇਗਾ ਅਤੇ ਉਨ੍ਹਾਂ ਤੋਂ ਸਬੰਧਤ ਫ਼ਾਰਮ ਵਿੱਚ ਡਾਟਾ ਪ੍ਰਾਪਤ ਕਰੇਗਾ। ਇਸ ਦੌਰਾਨ ਬੀਐਲਓਜ਼ ਵੱਲੋਂ ਤਿੰਨ ਵਾਰ ਦੌਰਾ ਕੀਤਾ ਜਾਵੇਗਾ। ਪ੍ਰੋਗਰਾਮ ’ਚ ਆਮ ਨਾਗਰਿਕਾਂ, ਐਨਆਈਆਰ, ਮਾਈਗ੍ਰੇਟ, ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਦੇ ਇਨਿਊਮੇਰੇਸ਼ਨ ਫ਼ਾਰਮ ਭਰਨ, ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਦੀ ਜਾਣਕਾਰੀ ਦੇਣ ਅਤੇ ਪਿਛਲੇ ਰਿਕਾਰਡ ’ਚੋਂ ਵੋਟ ਦੀ ਭਾਲ ਕਰਨ ਜਾਂ ਲਿੰਕ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਮ ਵੋਟਰਾਂ ਅਤੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਹੈਲਪ ਡੈਸਕ ਵੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ’ਤੇ ਸੰਪਰਕ ਕਰ ਕੇ ਚੋਣਾਂ ਅਤੇ ਐਸਆਈਆਰ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।