- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ’ਚ ਕੱਢੀ ਤਿਰੰਗਾ ਰੈਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਭਾਰਤ ਦੇ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨਐੱਸਐੱਸ ਵਿਭਾਗ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਕਾਲਜ ’ਚ ਤਿਰੰਗਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੰਤਵ ਐੱਨਐੱਸਐੱਸ ਵਲੰਟੀਅਰਾਂ ’ਚ ਦੇਸ਼ ਪ੍ਰਤੀ ਪਿਆਰ ਅਤੇ ਆਦਰ ਦੀ ਭਾਵਨਾ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਰੈਲੀ ਦੀ ਰਸਮੀ ਸ਼ੁਰੂਆਤ ਕਾਲਜ ਇੰਚਾਰਜ ਡਾ. ਜਸਵਿੰਦਰ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਐੱਨਐੱਸਐੱਸ ਦੇ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਮਨਾਂ ’ਚ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਪ੍ਰਬਲ ਕਰਨ ਦਾ ਸੁਨੇਹਾ ਦਿੱਤਾ। ਇਸ ਰੈਲੀ ’ਚ ਲਗਭਗ 200 ਵਲੰਟੀਅਰਾਂ ਨੇ ਹਿੱਸਾ ਲਿਆ। ਵਲੰਟੀਅਰਾਂ ਨੇ ਆਪਣੇ ਹੱਥਾਂ ’ਚ ਤਿਰੰਗੇ ਝੰਡੇ ਫੜੇ ਹੋਏ ਸਨ ਅਤੇ ‘ਇੰਕਲਾਬ ਜ਼ਿੰਦਾਬਾਦ’, ‘ਵੰਦੇ ਮਾਤਰਮ’ ਅਤੇ ‘ਜੈ ਹਿੰਦ’ ਵਰਗੇ ਦੇਸ਼ ਭਗਤੀ ਦੇ ਨਾਅਰਿਆਂ ਨਾਲ ਕਾਲਜ ਕੈਂਪਸ ਨੂੰ ਗੁੰਜਾਇਮਾਨ ਕਰਦਿਆਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ’ਚ ਜੋਸ਼ ਭਰ ਦਿੱਤਾ। ਰੈਲੀ ਦੌਰਾਨ ਐਨਐਸਐਸ ਪ੍ਰੋਗਰਾਮ ਅਫ਼ਸਰ ਪ੍ਰੋ. ਅਮਨ ਸ਼ਰਮਾ, ਡਾ. ਨਵਜੋਤ ਕੌਰ ਅਤੇ ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਸੀਮਾ ਰਾਣੀ ਵੱਲੋਂ ਸਮੂਹ ਵਲੰਟੀਅਰਾਂ ਦਾ ਉਤਸ਼ਾਹ ਵਧਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ।