ਸਰਹਿੰਦ ਬੱਸ ਸਟੈਂਡ ਨੇੜੇ ਖੜ੍ਹੀ ਕਾਰ ’ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਪੁਲਿਸ ਜਾਂਚ 'ਚ ਜੁਟੀ
ਦੁਕਾਨ ਦੇ ਮਾਲਕ ਤੇਜਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਦੁਕਾਨ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਕਾਰ ’ਤੇ ਕਿਸੇ ਨੇ ਗੋਲੀਆਂ ਚਲਾਈਆਂ ਹਨ। ਉਨ੍ਹਾਂ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਦੁਕਾਨ ’ਤੇ ਪਹੁੰਚ ਕੇ ਦੇਖਿਆ ਕਿ ਕਾਰ ਦੇ ਸ਼ੀਸ਼ੇ ’ਤੇ ਗੋਲੀਆਂ ਦੇ ਨਿਸ਼ਾਨ ਸਨ।
Publish Date: Mon, 26 Oct 2026 03:52 PM (IST)
Updated Date: Mon, 26 Oct 2026 03:55 PM (IST)
ਜਾਸ, ਫਤਿਹਗੜ੍ਹ ਸਾਹਿਬ। ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਸਰਹਿੰਦ ਬੱਸ ਸਟੈਂਡ ਨੇੜੇ ਸਪੇਅਰ ਪਾਰਟਸ ਦੀ ਦੁਕਾਨ ਦੇ ਬਾਹਰ ਖੜ੍ਹੀ ਇੱਕ ਕਾਰ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਤੇਜਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਦੁਕਾਨ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਕਾਰ ’ਤੇ ਕਿਸੇ ਨੇ ਗੋਲੀਆਂ ਚਲਾਈਆਂ ਹਨ। ਉਨ੍ਹਾਂ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਦੁਕਾਨ ’ਤੇ ਪਹੁੰਚ ਕੇ ਦੇਖਿਆ ਕਿ ਕਾਰ ਦੇ ਸ਼ੀਸ਼ੇ ’ਤੇ ਗੋਲੀਆਂ ਦੇ ਨਿਸ਼ਾਨ ਸਨ।
ਪਰਿਵਾਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਤੇਜਵੰਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਅਤੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਆਪਣੇ ਸਮਰਥਕਾਂ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਗੱਲਬਾਤ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ ਮਨਦੀਪ ਕੌਰ ਨਾਗਰਾ ਨੇ ਪੰਜਾਬ ਸਰਕਾਰ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਦੂਜੇ ਪਾਸੇ, ਸਰਹਿੰਦ ਥਾਣੇ ਦੀ ਪੁਲਿਸ ਨੇ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।