- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੇਰਕਾ ਆਊਟਸੋਰਸ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵੇਰਕਾ ਮਿਲਕ ਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਇਕੱਤਰ ਹੋਏ ਸਮੂਹ ਮੁਲਾਜ਼ਮਾਂ ਨੇ ਵੇਰਕਾ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਵੇਰਕਾ ਮੇਗਾ ਡੇਅਰੀ ਬੱਸੀ ਪਠਾਣਾ ਦੇ ਪਲਾਂਟ ਪ੍ਰਧਾਨ ਅਮਨਦੀਪ ਸਿੰਘ ਨੇ ਦੋਸ਼ ਲਾਇਆ ਕਿ ਵੇਰਕਾ ਅਦਾਰੇ ’ਚ ਵਰ੍ਹਿਆਂ ਤੋਂ ਸੇਵਾਵਾਂ ਨਿਭਾ ਰਹੇ ਆਊਟਸੋਰਸ ਵਰਕਰਾਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵੱਲ ਮੈਨੇਜਮੈਂਟ ਵੱਲੋਂ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਇਸ ਮੌਕੇ ਕਮੇਟੀ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ 15 ਅਕਤੂਬਰ 2026 ਨੂੰ ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ’ਚ ਮੁਲਾਜ਼ਮਾਂ ਦੇ ਹਿੱਤ ’ਚ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ, ਤਾਂ 17 ਅਕਤੂਬਰ 2026 ਤੋਂ ਧੂਰੀ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ। ਆਗੂਆਂ ਨੇ ਸਾਫ਼ ਸ਼ਬਦਾਂ ’ਚ ਕਿਹਾ ਕਿ ਸੰਘਰਸ਼ ਤਿੱਖਾ ਹੋਣ ਦੀ ਸੂਰਤ ’ਚ ਨਿਕਲਣ ਵਾਲੇ ਸਿੱਟਿਆਂ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵੇਰਕਾ ਪ੍ਰਬੰਧਕਾਂ ਦੀ ਹੋਵੇਗੀ। ਇਸ ਰੈਲੀ ’ਚ ਪਲਾਂਟ ਕਮੇਟੀ ਦੇ ਆਗੂ ਪੁਨੀਤ ਸ਼ਰਮਾ, ਸੰਦੀਪ ਸਿੰਘ, ਤੇਜਿੰਦਰ ਸਿੰਘ, ਗੁਰਪ੍ਰਸ਼ਾਦ ਸਿੰਘ, ਨਰਿੰਦਰ ਸਿੰਘ, ਰਣਧੀਰ ਸਿੰਘ, ਰਮਨਦੀਪ ਸਿੰਘ, ਗੁਰਤੇਜ ਸਿੰਘ, ਸਤਵਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਆਊਟਸੋਰਸ ਮੁਲਾਜ਼ਮ ਸ਼ਾਮਲ ਸਨ।