- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਲਡ ਯੂਨੀਵਰਸਿਟੀ ’ਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਿੱਖਿਆ ਵਿਭਾਗ ਵੱਲੋਂ ‘ਖੁਸ਼ਹਾਲੀ ਲਈ ਇਮਾਨਦਾਰੀ’ ਵਿਸ਼ੇ ਅਧੀਨ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਇਮਾਨਦਾਰੀ, ਪਾਰਦਰਸ਼ਤਾ, ਨੈਤਿਕਤਾ ਅਤੇ ਜਵਾਬਦੇਹੀ ਦੀ ਭਾਵਨਾ ਪੈਦਾ ਕਰਨਾ ਅਤੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ। ਉਪ ਕੁਲਪਤੀ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਗਿਆਨ ਅਤੇ ਹੁਨਰ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਸੁਚੇਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਕਿਸੇ ਵੀ ਮਜ਼ਬੂਤ ਸੰਸਥਾ ਅਤੇ ਸਮਾਜ ਦੀ ਨੀਂਹ ਹਨ। ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਰਮਨਦੀਪ ਕੌਰ ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕਰਦਿਆਂ ਭ੍ਰਿਸ਼ਟਾਚਾਰ ਦੀ ਰੋਕਥਾਮ ਅਤੇ ਸੁਸ਼ਾਸਨ ਨੂੰ ਉਤਸ਼ਾਹਿਤ ਕਰਨ ’ਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ’ਤੇ ਭਾਸ਼ਣ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਵਾਈ ਗਈ ਅਤੇ ਲੇਖ ਲਿਖਣ ਤੇ ਰੀਲ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਅੰਤ ’ਚ ਕੋਆਰਡੀਨੇਟਰ ਅਮਨਦੀਪ ਕੌਰ ਨੇ ਧੰਨਵਾਦ ਕੀਤਾ।