ਡਾ. ਹਰਬੰਸ ਲਾਲ ਵੱਲੋਂ ਹਰਿਆਣਾ ਦੇ ਸੀਐੱਮ ਨਾਲ ਮੁਲਾਕਾਤ
ਸਰਕਾਰ ਬਣਨ ’ਤੇ ਪੰਜਾਬ ’ਚੋਂ ਬੇਰੁਜ਼ਗਾਰੀ ਨੂੰ ਜੜ੍ਹੋਂ ਖ਼ਤਮ ਕਰਾਂਗੇ : ਨਾਇਬ ਸੈਣੀ
Publish Date: Sat, 21 Feb 2026 05:52 PM (IST)
Updated Date: Sat, 21 Feb 2026 05:54 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਡਾ. ਹਰਬੰਸ ਲਾਲ (ਸਾਬਕਾ ਮੰਤਰੀ, ਪੰਜਾਬ) ਅਤੇ ਉਨ੍ਹਾਂ ਦੇ ਪੁੱਤਰ ਮਨੀਸ਼ ਵਰਮਾ (ਫਤਹਿਗੜ੍ਹ ਸਾਹਿਬ ਤੋਂ ਭਾਜਪਾ ਬੁੱਧੀਜੀਵੀ ਵਿੰਗ ਦੇ ਕੋਆਰਡੀਨੇਟਰ ਅਤੇ ਜ਼ਿਲ੍ਹਾ ਕਨਵੀਨਰ) ਨੇ ਮੁਲਾਕਾਤ ਕੀਤੀ। ਇਸ ਮੌਕੇ ਡਾ. ਹਰਬੰਸ ਲਾਲ ਅਤੇ ਮਨੀਸ਼ ਵਰਮਾ ਨੇ ਪੰਜਾਬ ਦੇ ਲੋਕਾਂ ਦੀਆਂ ਮੁੱਖ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੜ੍ਹੇ-ਲਿਖੇ ਨੌਜਵਾਨ ਡਿਗਰੀਆਂ ਲੈ ਕੇ ਵੀ ਸੜਕਾਂ ’ਤੇ ਬੇਰੁਜ਼ਗਾਰ ਘੁੰਮ ਰਹੇ ਹਨ। ਨੌਕਰੀਆਂ ਨਾ ਮਿਲਣ ਕਾਰਨ ਨੌਜਵਾਨ ਨਸ਼ਿਆਂ ਦੇ ਗੜ੍ਹੇ ਵਿੱਚ ਫਸ ਰਹੇ ਹਨ ਅਤੇ ਪੰਜਾਬ ਦੀ ਨੌਜਵਾਨੀ ਬਰਬਾਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਸਮੇਤ ਪਿਛਲੀਆਂ ਸਰਕਾਰਾਂ ਨੇ ਪੱਛੜੀਆਂ ਸ਼੍ਰੇਣੀਆਂ, ਦਲਿਤਾਂ ਅਤੇ ਗ਼ਰੀਬਾਂ ਦੀ ਬਿਹਤਰੀ ਲਈ ਕਦੇ ਨਹੀਂ ਸੋਚਿਆ। ਨਾਇਬ ਸੈਣੀ ਨੇ ਭਰੋਸਾ ਦਿੱਤਾ ਕਿ ਜੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਅਤੇ ਨੌਕਰੀਆਂ ਦੇ ਮੌਕੇ ਵਧਾ ਕੇ ਬੇਰੁਜ਼ਗਾਰੀ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਗ਼ਰੀਬਾਂ, ਦਲਿਤ ਮਜ਼ਦੂਰਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਵੇਂ ਪ੍ਰੋਗਰਾਮ ਲਿਆਂਦੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਬਲ ਇੰਜਨ ਸਰਕਾਰ ਬਣਾ ਕੇ ਪੰਜਾਬ ਨੂੰ ਉੱਨਤੀ ਅਤੇ ਖੁਸ਼ਹਾਲੀ ਵੱਲ ਲੈ ਜਾਇਆ ਜਾਵੇਗਾ, ਜਿਸ ਨਾਲ ਹਰ ਵਰਗ ਦੇ ਹਿੱਤਾਂ ਦੀ ਰਾਖੀ ਹੋਵੇਗੀ।