ਮਨਰੇਗਾ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਬਰਦਾਸ਼ਤ ਨਹੀਂ ਕਰਾਂਗੇ : ਨਾਗਰਾ
ਮਨਰੇਗਾ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਬਰਦਾਸ਼ਤ ਨਹੀਂ ਕਰਾਂਗੇ : ਕੁਲਜੀਤ ਸਿੰਘ ਨਾਗਰਾ
Publish Date: Wed, 07 Jan 2026 06:17 PM (IST)
Updated Date: Wed, 07 Jan 2026 06:20 PM (IST)

--ਕਾਂਗਰਸ ਦੀ ਮਨਰੇਗਾ ਮਜ਼ਦੂਰ ਅਧਿਕਾਰ ਸੰਗਰਾਮ ਲਈ ਤਿਆਰੀਆਂ ਜ਼ੋਰਾਂ ’ਤੇ ਫ਼ੋਟੋ ਫ਼ਾਈਲ : 9 ਬਲਾਕ ਖੇੜਾ ਕਾਂਗਰਸ ਦੇ ਸਮੂਹ ਕਾਂਗਰਸੀ ਆਗੂਆਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਬਲਾਕ ਖੇੜਾ ਕਾਂਗਰਸ ਹਲਕਾ ਫਤਹਿਗੜ੍ਹ ਸਾਹਿਬ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ 10 ਜਨਵਰੀ ਨੂੰ ਰਾਜਪੁਰਾ ਵਿਖੇ ਕਰਵਾਏ ਜਾ ਰਹੇ ਮਨਰੇਗਾ ਮਜ਼ਦੂਰ ਅਧਿਕਾਰ ਸੰਗਰਾਮ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਵੱਡੀ ਗਿਣਤੀ ਇਸ ਸੰਗਰਾਮ ਵਿਚ ਸ਼ਮੂਲੀਅਤ ਕਰੇਗੀ ਤਾਂ ਜੋ ਕੇਂਦਰ ਸਰਕਾਰ ਵੱਲੋਂ ਮਨਰੇਗਾ ਮਜ਼ਦੂਰਾਂ ਨਾਲ ਹੋ ਰਹੇ ਅਨਿਆਂ ਦੇ ਵਿਰੁੱਧ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਕੰਮ, ਸਮੇਂ ਸਿਰ ਮਜ਼ਦੂਰੀ ਅਤੇ ਉਨ੍ਹਾਂ ਦੇ ਕਾਨੂੰਨੀ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਸਰਕਾਰਾਂ ਇਸ ਮੋਰਚੇ ’ਤੇ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਨੀਅਤ ਸਾਫ਼ ਹੈ ਕਿ ਮਨਰੇਗਾ ਨੂੰ ਹੌਲੀ-ਹੌਲੀ ਖ਼ਤਮ ਕਰਕੇ ਗਰੀਬਾਂ ਤੋਂ ਰੋਜ਼ੀ-ਰੋਟੀ ਦਾ ਆਖ਼ਰੀ ਸਹਾਰਾ ਵੀ ਖੋਹ ਲਿਆ ਜਾਵੇ। ਇਹ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਮਜ਼ਦੂਰ ਵਰਗ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੀਆਂ ਹਨ, ਜਿਸ ਕਾਰਨ ਮਜ਼ਦੂਰਾਂ ਨੂੰ ਨਾ ਤਾਂ ਪੂਰੇ 100 ਦਿਨਾਂ ਦਾ ਕੰਮ ਮਿਲ ਰਿਹਾ ਹੈ ਅਤੇ ਨਾ ਹੀ ਸਮੇਂ ਸਿਰ ਮਜ਼ਦੂਰੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਨਾਕਾਮ ਨੀਤੀਆਂ ਕਾਰਨ ਪਿੰਡਾਂ ਵਿੱਚ ਗਰੀਬ ਪਰਿਵਾਰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਕਾਂਗਰਸ ਪਾਰਟੀ ਇਹ ਅਨਿਆਂ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਸੜਕ ਤੋਂ ਲੈ ਕੇ ਸੰਸਦ ਤੱਕ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰ ਵਰਗ ਦੇ ਨਾਲ ਖੜੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਾਕ ਖੇੜਾ ਕਾਂਗਰਸ ਦੇ ਬਲਾਕ ਪ੍ਰਧਾਨ, ਯੂਥ ਕਾਂਗਰਸ, ਮਹਿਲਾ ਕਾਂਗਰਸ, ਸਮੂਹ ਅਹੁਦੇਦਾਰ, ਆਗੂ, ਵਰਕਰ ਤੇ ਹੋਰ ਪਤਵੰਤੇ ਮੌਜੂਦ ਸਨ।