
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੀਕਸ਼ਾਰੰਭ’ ਇੰਡਕਸ਼ਨ ਪ੍ਰੋਗਰਾਮ ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਅਕਾਦਮਿਕ ਸਫ਼ਰ ਲਈ ਤਿਆਰ ਕਰਨ ਦੇ ਮਕਸਦ ਨਾਲ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ‘ਦੀਕਸ਼ਾਰੰਭ’ ਕਰਵਾਇਆ ਗਿਆ। ਇਹ ਪ੍ਰੋਗਰਾਮ ਪ੍ਰੇਰਨਾਦਾਇਕ ਭਾਸ਼ਣਾਂ, ਜਾਣਕਾਰੀ ਭਰਪੂਰ ਸੈਸ਼ਨਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਸਹਾਇਕ ਡੀਨ (ਅਕਾਦਮਿਕ) ਡਾ. ਗੁਰਵਿੰਦਰ ਪਾਲ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਉਪਰੰਤ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਅਤੇ ਵਾਈਸ ਪ੍ਰੈਜ਼ੀਡੈਂਟ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੱਡੇ ਸੁਪਨੇ ਦੇਖਣ ਅਤੇ ਮਿਹਨਤ ਨਾਲ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਮਾਹਰ ਬੁਲਾਰੇ ਡਾ. ਡੀਜੇ ਸਿੰਘ ਅਤੇ ਪੰਜਾਬ ਚੈਂਬਰ ਆਫ਼ ਕਾਮਰਸ ਦੀ ਡਾਇਰੈਕਟਰ (ਐਂਟਰਪ੍ਰਨਿਓਰਸ਼ਿਪ ਡਿਵੈਲਪਮੈਂਟ) ਪ੍ਰੋ. ਗੁਰਪ੍ਰੀਤ ਕੌਰ ਨੇ ਵਿਚਾਰ ਸਾਂਝੇ ਕਰਕੇ ਵਿਦਿਆਰਥੀਆਂ ਦਾ ਮਨੋਬਲ ਵਧਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਡੀਨ, ਡਾਇਰੈਕਟਰਾਂ ਤੇ ਫ਼ੈਕਲਟੀ ਮੈਂਬਰਾਂ ਨਾਲ ਰਾਬਤਾ ਕਾਇਮ ਕਰਕੇ ਸੰਸਥਾ ਦੇ ਅਕਾਦਮਿਕ ਮਾਹੌਲ ਅਤੇ ਨਿਯਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰੋਗਰਾਮ ਦੀ ਸਮਾਪਤੀ ਮਹਿਮਾਨਾਂ ਦੇ ਸਨਮਾਨ ਅਤੇ ਧੰਨਵਾਦ ਨਾਲ ਹੋਈ।