- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸੰਪੰਨ; ਸਰੀਰਕ ਸਿੱਖਿਆ ਵਿਭਾਗ ਦੀ ਟੀਮ ਜੇਤੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਬਾਬਾ ਫ਼ਤਿਹ ਸਿੰਘ ਖੇਡ ਸਟੇਡੀਅਮ ਵਿਖੇ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਵੱਲੋਂ ਕਰਵਾਇਆ ਗਿਆ ਦੋ ਰੋਜ਼ਾ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸੰਪੰਨ ਹੋ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ 16 ਟੀਮਾਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਵਿਚ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖੇਡਾਂ ਨੂੰ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦੇ ਵਿਕਾਸ ਲਈ ਮਹੱਤਵਪੂਰਨ ਦੱਸਿਆ। ਇਸ ਮੌਕੇ ਅਮਲਾ ਸ਼ਾਖਾ ਦੀ ਡਿਪਟੀ ਰਜਿਸਟਰਾਰ ਬਲਜਿੰਦਰ ਕੌਰ ਅਤੇ ਡੀਨ ਰਿਸਰਚ ਡਾ. ਨਵਦੀਪ ਕੌਰ ਨੇ ਵੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੁਕਾਬਲਿਆਂ ਵਿੱਚ ਯੂਨੀਵਰਸਿਟੀ ਸਟਾਫ, ਕਾਮਰਸ, ਸਰੀਰਕ ਸਿੱਖਿਆ ਤੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਟੀਮਾਂ ਸੈਮੀਫਾਈਨਲ ਵਿੱਚ ਪਹੁੰਚੀਆਂ। ਫਾਈਨਲ ਵਿਚ ਸਰੀਰਕ ਸਿੱਖਿਆ ਵਿਭਾਗ ਨੇ ਕਾਮਰਸ ਵਿਭਾਗ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਯੂਨੀਵਰਸਿਟੀ ਸਟਾਫ ਨੇ ਬਾਇਓਟੈਕਨਾਲੋਜੀ ਵਿਭਾਗ ਨੂੰ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮਾਪਤੀ ਸਮਾਰੋਹ ਵਿਚ ਰਜਿਸਟਰਾਰ ਡਾ. ਤੇਜਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਟੂਰਨਾਮੈਂਟ ਦੀ ਸਫਲਤਾ ਲਈ ਵਾਈਸ ਚਾਂਸਲਰ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਵਿਅਕਤੀਗਤ ਪ੍ਰਾਪਤੀਆਂ ਵਿੱਚ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਵਿੰਦਰ ਸਿੰਘ ਸੋਢੀ ਨੂੰ ਬੈਸਟ ਬੱਲੇਬਾਜ਼, ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੂੰ ਬੈਸਟ ਗੇਂਦਬਾਜ਼ ਤੇ ਕਾਮਰਸ ਵਿਭਾਗ ਦੇ ਵਿਦਿਆਰਥੀ ਜਗਨਜੋਤ ਸਿੰਘ ਨੂੰ ਮੈਨ ਆਫ਼ ਦਾ ਟੂਰਨਾਮੈਂਟ ਐਲਾਨਿਆ ਗਿਆ।