ਪੱਤਰ ਪ੍ਰੇਰਕ,ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਤੋਂ ਸ਼ੋ੍ਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਿਚਕਾਰ ਚੱਲ ਰਿਹਾ ਸ਼ਬਦੀ ਵਿਵਾਦ ਇਕ ਵਾਰ ਫਿਰ ਗਰਮਾ ਗਿਆ ਹੈ। ਹਾਲ ਹੀ 'ਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਇਕ ਬਿਆਨ ਦੇ ਕੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੇ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਹਰੀ ਸਿੰਘ ਰੰਧਾਵਾ ਵਾਲਿਆਂ 'ਤੇ ਝੂਠਾ ਪ੍ਰਚਾਰ ਕਰਨ ਦੇ ਦੋਸ਼ ਲਗਾਏ ਹਨ।

ਇਸ ਬਿਆਨ ਨੂੰ ਕਰੜੇ ਹੱਥੀਂ ਲੈਂਦਿਆਂ ਭਾਈ ਰੰਧਾਵਾ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਤੋਂ ਇਲਾਵਾ ਇਕ ਹੋਰ ਕੇਸ ਫਾਈਲ ਕਰਨ ਦੀ ਚੁਣੌਤੀ ਦਿੱਤੀ ਹੈ। ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਕੋਰਟ 'ਚ ਵਿਚਾਰ ਅਧੀਨ ਹੋਣ ਕਾਰਨ ਉਹ ਕੁਝ ਵੀ ਟਿੱਪਣੀ ਨਹੀਂ ਕਰਨਗੇ, ਪ੍ਰੰਤੂ ਆਪਣੇ ਵਕੀਲ ਨਾਲ ਸਲਾਹ ਕਰਨ ਤੋਂ ਬਾਅਦ ਢੱਡਰੀਆਂ ਵਾਲਿਆਂ ਖ਼ਿਲਾਫ਼ ਫ਼ਤਹਿਗੜ੍ਹ ਸਾਹਿਬ 'ਚ ਇਕ ਹੋਰ ਕੇਸ ਕਰਨ ਜਾ ਰਹੇ ਹਨ।

ਰੰਧਾਵਾ ਨੇ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਪਣੇ ਨਵੇਂ ਬਿਆਨ 'ਚ ਉਨ੍ਹਾਂ ਦੇ ਡੇਰੇ 'ਚ ਸ਼ਰਧਾਲੂ ਘੱਟ ਹੋਣ ਅਤੇ ਬੰਦ ਹੋਣ ਦਾ ਬਿਆਨ ਦਿੱਤਾ ਹੈ, ਜਦੋਂਕਿ ਸੱਚਾਈ ਇਹ ਹੈ ਕਿ ਉਨ੍ਹਾਂ ਦੇ ਸ਼ਰਧਾਲੂਆਂ ਦੀ ਗਿਣਤੀ ਘੱਟ ਨਹੀਂ ਹੈ। ਨਾਲ ਹੀ ਉਨ੍ਹਾਂ ਖ਼ਿਲਾਫ਼ ਨਿੱਜੀ ਟਿੱਪਣੀ ਕੀਤੀ ਹੈ, ਜਿਸ ਨੂੰ ਉਹ ਕੋਰਟ 'ਚ ਚੁਣੌਤੀ ਦੇਣਗੇ।