- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਵਿੱਚ ਸਕੂਲ ਅਧਿਆਪਕਾਂ ਲਈ ਵਾਤਾਵਰਣ-ਅਨੁਕੂਲ ਬੈਗ ਬਣਾਉਣ ਦੀ ਵਰਕਸ਼ਾਪ ਹੋਈ, ਜਿਸ ਵਿੱਚ 68 ਅਧਿਆਪਕਾਂ ਨੇ ਹਿੱਸਾ ਲਿਆ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਵੱਲੋਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਉਦੇਸ਼ ਨਾਲ ਸਕੂਲ ਅਧਿਆਪਕਾਂ ਲਈ ਵਾਤਾਵਰਣ-ਅਨੁਕੂਲ ਬੈਗ ਤਿਆਰ ਕਰਨ ਸਬੰਧੀ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ’ਚ ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਕਾਲਜ ਦੇ ਫਾਈਨ ਆਰਟਸ ਵਿਭਾਗ ਅਤੇ ਸੌਲਿਡ ਵੇਸਟ ਮੈਨੇਜਮੈਂਟ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕਰਵਾਈ ਇਸ ਵਰਕਸ਼ਾਪ ’ਚ ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਵੱਖ-ਵੱਖ ਸਕੂਲਾਂ ਤੋਂ 68 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਅਫ਼ਸਰ ਦੀਪਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਪ੍ਰੋਗਰਾਮ ’ਚ ਜ਼ੂਆਲੋਜੀ ਵਿਭਾਗ ਦੇ ਪ੍ਰੋ. ਪ੍ਰਦੀਪ ਕੌਰ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਡਾ. ਮੋਨਿਕਾ ਨੇ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾਈ, ਜਦਕਿ ਸਿਖਲਾਈ ਸੈਸ਼ਨਾਂ ’ਚ ਫਾਈਨ ਆਰਟਸ ਵਿਭਾਗ ਦੇ ਡਾ. ਅਵਨੀਤ ਕੌਰ ਅਤੇ ਪ੍ਰੋ. ਬਨਿੰਦਰ ਕੌਰ ਨੇ ਸਹਿਯੋਗ ਦਿੱਤਾ। ਗੁਰੂ ਨਾਨਕ ਗਰਲਜ਼ ਕਾਲਜ ਲੁਧਿਆਣਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਮੁਖੀ ਨੰਦਿਨੀ ਕਪੂਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕਰਦਿਆਂ ਬਚੇ ਹੋਏ ਤੇ ਬੇਕਾਰ ਕੱਪੜਿਆਂ ਤੋਂ ਉਪਯੋਗੀ ਅਤੇ ਆਕਰਸ਼ਕ ਬੈਗ ਤਿਆਰ ਕਰਨ ਦੀਆਂ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦੌਰਾਨ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਤੇ ਭਾਰਤ ਸਰਕਾਰ ਦੇ ‘ਮਿਸ਼ਨ ਲਾਈਫ’ ਦੇ ਉਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸੌਲਿਡ ਵੇਸਟ ਮੈਨੇਜਮੈਂਟ ਕਮੇਟੀ ਦੇ ਮੈਂਬਰ ਡਾ. ਸੰਤੋਸ਼ ਕੁਮਾਰ, ਡਾ. ਜੁਝਾਰ ਸਿੰਘ, ਪ੍ਰੋ. ਸ਼ਿਵਦੀਪ ਕੌਰ ਅਤੇ ਡਾ. ਦੀਪਿਕਾ ਜੈਨ ਵੀ ਹਾਜ਼ਰ ਸਨ।