ਮਾਤਾ ਗੁਜਰੀ ਕਾਲਜ 'ਚ ਮਾਨਸਿਕ ਸਿਹਤ 'ਤੇ ਵਰਕਸ਼ਾਪ ਕਰਵਾਈ ਮਾਤਾ ਗੁਜਰੀ ਕਾਲਜ 'ਚ ਮਾਨਸਿਕ ਸਿਹਤ 'ਤੇ ਵਰਕਸ਼ਾਪ ਆਯੋਜਿਤ
Publish Date: Wed, 12 Aug 2026 06:41 PM (IST)
Updated Date: Wed, 12 Aug 2026 06:44 PM (IST)
ਫ਼ੋਟੋ ਫ਼ਾਈਲ : 16 ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬੀਐਸਸੀ ਅਤੇ ਐਮਐਸਸੀ ਦੇ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਦੀ ਸੰਭਾਲ ਅਤੇ ਜਾਗਰੂਕਤਾ ਬਾਰੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਪ੍ਰੋਗਰਾਮ ਚ ਕਾਲਜ ਦੇ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਬਪੱਖੀ ਵਿਕਾਸ ਲਈ ਅਕਾਦਮਿਕ ਸਿੱਖਿਆ ਦੇ ਨਾਲ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਤਣਾਅ ਦਾ ਸਾਹਮਣਾ ਕਰਨ ਅਤੇ ਜੀਵਨ ਚ ਸੰਤੁਲਨ ਬਣਾਉਣ ਦੇ ਯੋਗ ਬਣਾਉਂਦੇ ਹਨ। ਸੈਸ਼ਨ ਦੌਰਾਨ ਡਾ. ਹਰਦੀਪ ਕੌਰ ਨੇ ਮਾਨਸਿਕ ਸਿਹਤ ਨੂੰ ਸੁਧਾਰਨ ਅਤੇ ਅਕਾਦਮਿਕ ਦਬਾਅ ਨਾਲ ਨਜਿੱਠਣ ਲਈ ਵਿਹਾਰਕ ਤਰੀਕੇ ਸਾਂਝੇ ਕੀਤੇ। ਇਸ ਤੋਂ ਪਹਿਲਾਂ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਹਰਮਨਜੋਤ ਕੌਰ ਨੇ ਮੁੱਖ ਬੁਲਾਰੇ ਦਾ ਸਵਾਗਤ ਕੀਤਾ। ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਵਡਮੁੱਲੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਫੈਕਲਟੀ ਮੈਂਬਰ ਡਾ. ਸਿੰਮੀ ਗੋਇਲ, ਡਾ. ਮੋਨਿਕਾ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।