ਲੋਕਾਂ ਨੂੰ ਮਲੇਰੀਏ ਵਿਰੁੱਧ ਜਾਗਰੂਕ ਕਰਨਾ ਬੇਹੱਦ ਜ਼ਰੂਰੀ : ਡਾ. ਕੰਵਲਦੀਪ
ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ, ਲੋਕਾਂ ਨੂੰ ਜਾਗਰੂਕ ਹੋਣ ਦਾ ਸੱਦਾ
Publish Date: Sat, 25 Apr 2026 05:55 PM (IST)
Updated Date: Sat, 25 Apr 2026 05:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਭ ਦੀ ਹਿੱਸੇਦਾਰੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਿਹਤ ਕੇਂਦਰਾਂ ਵਿਚ ਫੀਲਡ ਸਟਾਫ ਵੱਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹਰ ਸ਼ੁਕਰਵਾਰ ਨੂੰ ਫਰਾਈਡੇ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦੀ ਜਾਂਚ ਮੁਫ਼ਤ ਕੀਤੀ ਜਾਂਦੀ ਹੈ। ਇਹ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ ਪ੍ਰਭਜੋਤ ਕੌਰ ਨੇ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਈਗਰੇਟਰੀ ਆਬਾਦੀ ਵਾਲੇ ਖੇਤਰਾਂ ਜਿਵੇਂ ਭੱਠੇ, ਝੁੱਗੀਆਂ, ਫੈਕਟਰੀਆਂ, ਕੰਸਟਰਕਸ਼ਨ ਸਾਈਟਾਂ ਅਤੇ ਅਨਾਜ ਮੰਡੀਆਂ ’ਚ ਸਰਵੇ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ ਜਸਪ੍ਰੀਤ ਸਿੰਘ ਬੇਦੀ ਨੇ ਦੱਸਿਆ ਕਿ ਮੱਛਰਾਂ ਤੋਂ ਬਚਣ ਲਈ ਮੱਛਰਦਾਨੀ, ਪੂਰਾ ਸਰੀਰ ਢਕਣ ਵਾਲੇ ਕੱਪੜੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਡਾ ਸੰਪਨ ਅਤਰੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਸਿਹਤ ਸੁਪਰਵਾਈਜ਼ਰ ਰਸ਼ਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਕੌਰ, ਮਨਦੀਪ ਕੌਰ ਅਤੇ ਨਰਸਿੰਗ ਵਿਦਿਆਰਥੀ ਮੌਜੂਦ ਸਨ।