- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਅਧਿਆਪਕ ਦਿਵਸ ਮੌਕੇ ਵਰਲਡ ਯੂਨੀਵਰਸਿਟੀ ਵੱਲੋਂ ਸਕੂਲ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ ਸਿੱਖਿਆ) ਦੇ ਸਹਿਯੋਗ ਨਾਲ ਵਿਸ਼ਵ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਸਕੂਲ ਪ੍ਰਿੰਸੀਪਲਾਂ ਤੇ ਸਿੱਖਿਆਕਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਸਕੂਲਾਂ ਤੇ ਉੱਚ ਸਿੱਖਿਆ ਸੰਸਥਾਵਾਂ ਵਿਚਾਲੇ ਆਪਸੀ ਤਾਲਮੇਲ ਮਜ਼ਬੂਤ ਕਰਨ ਲਈ ਯੂਨੀਵਰਸਿਟੀ ਦੀ ‘ਸਕੂਲ ਕਨੈਕਟ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਿਆਰੀ ਸਿੱਖਿਆ ’ਤੇ ਜ਼ੋਰ ਦਿੱਤਾ ਅਤੇ ਜ਼ਿਲ੍ਹੇ ’ਚ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਆਖਿਆ ਕਿ ਮਿਆਰੀ ਸਿੱਖਿਆ ਦੇ ਪਸਾਰ ਲਈ ਸਕੂਲਾਂ, ਯੂਨੀਵਰਸਿਟੀਆਂ ਅਤੇ ਪ੍ਰਸ਼ਾਸਨ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ‘ਸਕੂਲ ਕਨੈਕਟ’ ਪਹਿਲ ਨਾਲ ਵਿਦਿਆਰਥੀਆਂ ਲਈ ਨਵੇਂ ਮੌਕੇ ਪੈਦਾ ਹੋਣਗੇ। ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਸਿੱਖਿਆਕਾਰਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਕੂਲਾਂ ਤੇ ਯੂਨੀਵਰਸਿਟੀਆਂ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਲੋੜ ਦੱਸੀ। ਡਿਪਟੀ ਐਜੂਕੇਸ਼ਨ ਅਫ਼ਸਰ ਰਵਿੰਦਰ ਕੌਰ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਜੇਈਈ ਅਤੇ ਨੀਟ ਪ੍ਰੀਖਿਆਵਾਂ ’ਚ ਹਾਸਲ ਕੀਤੀਆਂ ਪ੍ਰਾਪਤੀਆਂ ਅਤੇ ਸਕੂਲਾਂ ਦੇ 100 ਫ਼ੀਸਦੀ ਨਤੀਜਿਆਂ ਦੀ ਜਾਣਕਾਰੀ ਸਾਂਝੀ ਕੀਤੀ। ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਿਜ਼ ਫੈਕਲਟੀ ਦੇ ਡੀਨ ਡਾ. ਹਰਨੀਤ ਬਿਲਿੰਗ ਨੇ ਜਾਣਕਾਰੀ ਦਿੱਤੀ ਕਿ ‘ਸਕੂਲ ਕਨੈਕਟ’ ਪ੍ਰੋਗਰਾਮ ਤਹਿਤ ਸਕੂਲ ਕਨੈਕਟ, ਟੀਚਰ ਕਨੈਕਟ, ਰਿਸਰਚ ਕਨੈਕਟ, ਕੈਂਪਸ ਕਨੈਕਟ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ 8 ਹਫ਼ਤਿਆਂ ਦਾ ਸਰਟੀਫਿਕੇਟ ਕੋਰਸ ਸ਼ਾਮਲ ਕੀਤਾ ਗਿਆ ਹੈ, ਜੋ ਖੋਜ, ਨਵੀਨਤਾ ਅਤੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ’ਤੇ ਕੇਂਦਰਿਤ ਹੋਵੇਗਾ। ਇਸ ਸਮਾਗਮ ’ਚ ਯੂਨੀਵਰਸਿਟੀ ਦੇ ਅਧਿਕਾਰੀ, ਸਿੱਖਿਆ ਵਿਭਾਗ ਦੇ ਨੁਮਾਇੰਦੇ, ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।