ਪਲਸ ਪੋਲੀਓ ਮੁਹਿੰਮ ’ਚ 1,41,198 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ ਪਲਸ ਪੋਲੀਓ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿੱਚ 1,41,198 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
Publish Date: Wed, 25 Nov 2026 03:30 PM (IST)
Updated Date: Wed, 25 Nov 2026 03:31 PM (IST)
ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਚਲਾਈ ਗਈ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਮੁਹਿੰਮ ਦੇ ਤੀਜੇ ਦਿਨ ਜ਼ਿਲ੍ਹੇ ਵਿੱਚ 28,936 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਪਹਿਲੇ, ਦੂਜੇ ਅਤੇ ਤੀਜੇ ਦਿਨ ਦੀ ਕੁੱਲ ਕਵਰੇਜ ਮਿਲਾ ਕੇ ਜ਼ਿਲ੍ਹੇ ਵਿੱਚ 1,41,198 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ, ਜਿਸ ਨਾਲ ਵਿਭਾਗ ਵੱਲੋਂ 99.5 ਫ਼ੀਸਦੀ ਟੀਚਾ ਹਾਸਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਮੁਹਿੰਮ ਦੌਰਾਨ ਸਿਹਤ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਅਤੇ ਲੋਕਾਂ ਨੂੰ ਇਸ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਰਾਜ ਪੱਧਰੀ ਟੀਮ ਵੱਲੋਂ ਡਾ. ਆਸ਼ੂ ਵਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਪਹੁੰਚ ਕੇ ਪੋਲੀਓ ਟੀਮਾਂ ਦੇ ਕੰਮਕਾਜ ਦੀ ਸੁਪਰਵਿਜ਼ਨ ਵੀ ਕੀਤੀ ਗਈ। ਡਾ. ਕਵਿਤਾ ਸਿੰਘ ਨੇ ਮੁਹਿੰਮ ਨੂੰ ਸਫਲ ਬਣਾਉਣ ਲਈ ਮਾਪਿਆਂ, ਸਮਾਜ ਸੇਵੀ ਸੰਸਥਾਵਾਂ, ਮੀਡੀਆ ਕਰਮੀਆਂ ਅਤੇ ਆਮ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਮਨ ਕੰਬੋਜ ਅਤੇ ਸ਼ਵੇਤਾ ਮੌਜੂਦ ਸਨ।