ਨੈਸ਼ਨਲ ਲੋਕ ਅਦਾਲਤ ’ਚ 16,623 ਕੇਸਾਂ ਦਾ ਨਿਪਟਾਰਾ
ਨੈਸ਼ਨਲ ਲੋਕ ਅਦਾਲਤ ਵਿੱਚ 16,623 ਕੇਸਾਂ ਦਾ ਨਿਪਟਾਰਾ
Publish Date: Sat, 14 Mar 2026 05:49 PM (IST)
Updated Date: Sat, 14 Mar 2026 05:51 PM (IST)

- ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤ ਰਾਹੀਂ ਸਸਤਾ ਤੇ ਛੇਤੀ ਇਨਸਾਫ਼ ਪਾਓ ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮਿੰਦਰ ਪਾਲ ਸਿੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਅਤੇ ਅਗਵਾਈ ਹੇਠ 14 ਮਾਰਚ 2026 ਨੂੰ ਜ਼ਿਲ੍ਹਾ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਗਈ। ਇਸ ਲੋਕ ਅਦਾਲਤ ਦੌਰਾਨ ਦੋਵੇਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਕੇਸਾਂ ਦਾ ਸੁਲਝਾਅ ਕਰਵਾਇਆ ਗਿਆ, ਜਿਸ ਨਾਲ ਪਾਰਟੀਆਂ ਨੂੰ ਤੁਰੰਤ ਅਤੇ ਸਸਤਾ ਇਨਸਾਫ਼ ਪ੍ਰਾਪਤ ਹੋਇਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਵਿੱਚ 05 ਬੈਂਚ ਫਾਜ਼ਿਲਕਾ, 03 ਬੈਂਚ ਅਬੋਹਰ ਅਤੇ 02 ਬੈਂਚ ਜਲਾਲਾਬਾਦ ਵਿਖੇ ਲਾਏ ਗਏ। ਇਨ੍ਹਾਂ ਬੈਂਚਾਂ ਵੱਲੋਂ ਦੋਵੇਂ ਪੱਖਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾ ਕੇ ਨਿਆਂ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਆਸਾਨ ਬਣਾਇਆ ਗਿਆ। ਇਸ ਮੌਕੇ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 17,710 ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 16,623 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁੱਲ ਰੁਪਏ 13,74,66,427/- ਦੇ ਐਵਾਰਡ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣਾ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਨਾਲ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਘਟਦੀ ਹੈ ਅਤੇ ਲੋਕਾਂ ਨੂੰ ਛੇਤੀ ਨਿਆਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਦੋਵੇਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਮਾਮਲਿਆਂ ਦਾ ਨਿਪਟਾਰਾ ਹੋਣ ਕਾਰਨ ਲੋਕਾਂ ਵਿਚਲੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਸਮਾਜ ਵਿੱਚ ਭਾਈਚਾਰਾ ਅਤੇ ਆਪਸੀ ਸਾਂਝ ਵਧਦੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਤੁਰੰਤ ਅਤੇ ਸਸਤਾ ਇਨਸਾਫ ਮਿਲਦਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਕੋਈ ਮਾਮਲੇ ਅਦਾਲਤਾਂ ਵਿੱਚ ਪੈਂਡਿੰਗ ਹਨ ਜਾਂ ਪ੍ਰੀ-ਲਿਟੀਗੇਸ਼ਨ ਪੱਧਰ ’ਤੇ ਹਨ, ਤਾਂ ਉਹ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਉਨ੍ਹਾਂ ਦਾ ਨਿਪਟਾਰਾ ਕਰਵਾ ਸਕਦੇ ਹਨ। ਦੱਸਣਯੋਗ ਹੈ ਕਿ ਮੁਫ਼ਤ ਕਾਨੂੰਨੀ ਸਲਾਹ ਅਤੇ ਵਕੀਲ ਦੀ ਸਹੂਲਤ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਫ਼ਤਰ ਵਿੱਚ ਬਣੇ ਫਰੰਟ ਆਫਿਸ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਵਧੇਰੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।