ਕੌਮੀ ਪਲਸ ਪੋਲੀਓ ਮੁਹਿੰਮ; ਪਹਿਲੇ ਦਿਨ 16,650 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਧਕ ਬੂੰਦਾਂ
ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ 16,650 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ
Publish Date: Sun, 28 Jun 2026 03:48 PM (IST)
Updated Date: Sun, 28 Jun 2026 03:49 PM (IST)

ਨਵਜੋਤ ਸਿੰਘ.ਪੰਜਾਬੀ ਜਾਗਰਣ ਫਾਜ਼ਿਲਕਾ : ਸਿਹਤ ਵਿਭਾਗ ਵੱਲੋਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਐਤਵਾਰ ਨੂੰ ਬਲਾਕ ਖੂਈਖੇੜਾ ਵਿੱਚ ਸਫਲਤਾਪੂਰਵਕ ਸ਼ੁਰੂਆਤ ਕੀਤੀ ਗਈ। ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਿੰਕੂ ਚਾਵਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ ਦੀ ਦੇਖ-ਰੇਖ ਹੇਠ ਬਲਾਕ ਦੇ ਸਾਰੇ ਪੋਲੀਓ ਬੂਥਾਂ ਤੇ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਜੀਵਨ ਰੱਖਿਅਕ ਬੂੰਦਾਂ ਪਿਲਾਈਆਂ ਗਈਆਂ। ਮੁਹਿੰਮ ਦੇ ਪਹਿਲੇ ਦਿਨ ਬਲਾਕ ਖੂਈਖੇੜਾ ਵਿੱਚ ਕੁੱਲ 16,650 ਬੱਚਿਆਂ ਨੂੰ ਜ਼ਿੰਦਗੀ ਦੀਆਂ ਦੋ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਨੇ ਇਸ ਨੂੰ ਮੁਹਿੰਮ ਦੀ ਸਫਲ ਸ਼ੁਰੂਆਤ ਕਰਾਰ ਦਿੱਤਾ ਹੈ। ਐਸਐਮਓ ਡਾ. ਉਪਿੰਦਰ ਸਿੰਘ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਹੈ, ਪਰ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਦੇ ਮਾਮਲੇ ਸਾਹਮਣੇ ਆਉਣ ਕਾਰਨ ਲਗਾਤਾਰ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮੁਹਿੰਮ ਦੌਰਾਨ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਦੀ ਖੁਰਾਕ ਪਿਲਾਉਣਾ ਹੀ ਦੇਸ਼ ਨੂੰ ਪੋਲੀਓ ਮੁਕਤ ਬਣਾਈ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ (28 ਤੋਂ 30 ਜੂਨ) ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ਤੇ ਟੀਕਾਕਰਨ ਕੀਤਾ ਗਿਆ, ਜਦਕਿ ਸੋਮਵਾਰ ਅਤੇ ਮੰਗਲਵਾਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ ਜੋ ਪਹਿਲੇ ਦਿਨ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕੇ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਬਲਾਕ ਦੇ ਸਾਰੇ ਪਿੰਡਾਂ ਵਿੱਚ ਸਥਾਪਤ ਬੂਥਾਂ ਤੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਅਗਲੇ ਦੋ ਦਿਨ ਇਹ ਟੀਮਾਂ ਘਰ-ਘਰ ਜਾ ਕੇ ਇਹ ਯਕੀਨੀ ਬਣਾਉਣਗੀਆਂ ਕਿ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਪ੍ਰਵਾਸੀ ਤੇ ਅਸਥਾਈ ਪਰਿਵਾਰਾਂ ਲਈ ਵਿਸ਼ੇਸ਼ ਟੀਮਾ ਤਾਇਨਾਤ ਉਨ੍ਹਾਂ ਦੱਸਿਆ ਕਿ ਇੱਟਾਂ ਦੇ ਭੱਠਿਆਂ, ਝੁੱਗੀ-ਝੌਂਪੜੀਆਂ, ਚੌਲ ਮਿੱਲਾਂ, ਫੈਕਟਰੀਆਂ, ਕਿੰਨੂ ਪੈਕਿੰਗ ਯੂਨਿਟਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਕਾਰਜ ਸਥਾਨਾਂ ਤੇ ਰਹਿਣ ਵਾਲੇ ਪ੍ਰਵਾਸੀ ਅਤੇ ਅਸਥਾਈ ਪਰਿਵਾਰਾਂ ਦੇ ਬੱਚਿਆਂ ਲਈ ਵੀ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਦੀ ਖੁਰਾਕ ਜ਼ਰੂਰ ਪਿਲਾਉਣ ਅਤੇ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਖੁੰਝ ਗਿਆ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਦੀ ਟੀਮ ਨੂੰ ਸੂਚਿਤ ਕਰਨ, ਤਾਂ ਜੋ ਕੋਈ ਵੀ ਬੱਚਾ ਇਸ ਜੀਵਨ ਰੱਖਿਅਕ ਮੁਹਿੰਮ ਤੋਂ ਵਾਂਝਾ ਨਾ ਰਹੇ।