19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਘਰ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ; ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ
ਮ੍ਰਿਤਕ ਦੀ ਪਛਾਣ ਪਿੰਡ ਰਾਜਪੁਰਾ ਵਾਸੀ ਕਰੀਬ 19 ਸਾਲਾ ਵਿਸ਼ਾਲ ਵਜੋਂ ਹੋਈ ਹੈ। ਉਹ ਤਿੰਨ ਭਰਾਵਾਂ ’ਚੋਂ ਸਭ ਤੋਂ ਛੋਟਾ ਸੀ ਅਤੇ ਦਿਹਾੜੀ ਮਜ਼ਦੂਰੀ ਕਰਕੇ ਪਰਿਵਾਰ ਦੀ ਆਰਥਿਕ ਮਦਦ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਵੀਰਵਾਰ ਸਵੇਰੇ ਘਰ ਦੇ ਸਾਰੇ ਮੈਂਬਰ ਆਪਣੇ ਕੰਮਾਂ ਲਈ ਚਲੇ ਗਏ ਸਨ, ਜਦਕਿ ਵਿਸ਼ਾਲ ਘਰ ਵਿੱਚ ਇਕੱਲਾ ਸੀ।
Publish Date: Sat, 31 Oct 2026 12:57 PM (IST)
Updated Date: Sat, 31 Oct 2026 01:08 PM (IST)
ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ। ਅਬੋਹਰ ਦੇ ਪਿੰਡ ਰਾਜਪੁਰਾ ਵਿੱਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਨੂੰ ਨੌਜਵਾਨ ਘਰ ਵਿੱਚ ਬੇਹੋਸ਼ ਹਾਲਤ ਵਿੱਚ ਮਿਲਿਆ ਸੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਪਿੰਡ ਰਾਜਪੁਰਾ ਵਾਸੀ ਕਰੀਬ 19 ਸਾਲਾ ਵਿਸ਼ਾਲ ਵਜੋਂ ਹੋਈ ਹੈ। ਉਹ ਤਿੰਨ ਭਰਾਵਾਂ ’ਚੋਂ ਸਭ ਤੋਂ ਛੋਟਾ ਸੀ ਅਤੇ ਦਿਹਾੜੀ ਮਜ਼ਦੂਰੀ ਕਰਕੇ ਪਰਿਵਾਰ ਦੀ ਆਰਥਿਕ ਮਦਦ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਵੀਰਵਾਰ ਸਵੇਰੇ ਘਰ ਦੇ ਸਾਰੇ ਮੈਂਬਰ ਆਪਣੇ ਕੰਮਾਂ ਲਈ ਚਲੇ ਗਏ ਸਨ, ਜਦਕਿ ਵਿਸ਼ਾਲ ਘਰ ਵਿੱਚ ਇਕੱਲਾ ਸੀ।
ਪਰਿਵਾਰ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਇੱਕ ਗੁਆਂਢੀ ਨੇ ਵਿਸ਼ਾਲ ਨੂੰ ਘਰ ਵਿੱਚ ਬੇਹੋਸ਼ ਹਾਲਤ ਵਿੱਚ ਦੇਖਿਆ ਅਤੇ ਤੁਰੰਤ ਪਰਿਵਾਰ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਸ਼ੁੱਕਰਵਾਰ ਨੂੰ ਥਾਣਾ ਬਹਾਵਵਾਲਾ ਦੀ ਪੁਲਿਸ ਸਿਵਲ ਹਸਪਤਾਲ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ।
ਪੁਲਿਸ ਵੱਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੀ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ। ਫਿਲਹਾਲ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।