
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

200 ਮਰੀਜ਼ਾਂ ਨੇ ਲਿਆ ਮੁਫ਼ਤ ਦੰਦਾਂ ਦੀ ਜਾਂਚ ਤੇ ਦਵਾਈਆਂ ਦੇ ਕੈਂਪ ਦਾ ਲਾਭ
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ
ਫਾਜ਼ਿਲਕਾ : ਡਾ. ਬੀਡੀ ਸਚਦੇਵਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਲੋਕਾਂ ਨੂੰ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਲੇਮਸ਼ਾਹ ਰੋਡ ਸਥਿਤ ਸੁਸਾਇਟੀ ਦੇ ਦਫ਼ਤਰ ਵਿਖੇ ਮੁਫ਼ਤ ਦੰਦਾਂ ਦੀ ਜਾਂਚ ਅਤੇ ਦਵਾਈਆਂ ਦਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਰੀਬ 200 ਮਰੀਜ਼ਾਂ ਦੀ ਦੰਦਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਕੈਂਪ ਵਿੱਚ ਡਾਕਟਰ ਨਿਸ਼ਠਾ ਗਿਲੋਤਰਾ ਨੇ ਮਰੀਜ਼ਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਦੰਦਾਂ ਦੀ ਸਹੀ ਦੇਖਭਾਲ, ਸਫ਼ਾਈ ਅਤੇ ਰੋਜ਼ਾਨਾ ਜੀਵਨ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਜਾਂਚ ਤੋਂ ਬਾਅਦ ਮਰੀਜ਼ਾਂ ਨੂੰ ਲੋੜ ਅਨੁਸਾਰ ਇਲਾਜ ਸਬੰਧੀ ਸਲਾਹ ਅਤੇ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਅਜੈ ਸਚਦੇਵਾ ਅਤੇ ਜਨਰਲ ਸਕੱਤਰ ਪੂਜਾ ਲੂਥਰਾ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਲੋੜਵੰਦ ਵਰਗਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਿਹਤ ਨੂੰ ਨਜ਼ਰਅੰਦਾਜ਼ ਕਰਨ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਇਸ ਲਈ ਸਮੇਂ ਸਿਰ ਜਾਂਚ ਅਤੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ, ਬਜ਼ੁਰਗਾਂ ਅਤੇ ਹੋਰ ਮਰੀਜ਼ਾਂ ਨੂੰ ਦੰਦਾਂ ਦੀ ਸਿਹਤ ਸਬੰਧੀ ਲੋੜੀਂਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੁੱਢਲਾ ਮੁਲਾਂਕਣ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਲੋੜਵੰਦਾਂ ਤੱਕ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਕੈਂਪ ’ਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਸ਼ਮੂਲੀਅਤ ਕੀਤੀ। ਸੁਸਾਇਟੀ ਵੱਲੋਂ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸੇਵਾਦਾਰਾਂ ਅਤੇ ਮਰੀਜ਼ਾਂ ਦਾ ਧੰਨਵਾਦ ਕੀਤਾ ਗਿਆ।