ਜਲਾਲਾਬਾਦ ਦਾ ਸਰਵਪੱਖੀ ਵਿਕਾਸ ਤੇ ਲੋਕ ਮੰਗਾਂ ਨੂੰ ਪਹਿਲ ਮੁੱਖ ਉਦੇਸ਼ : ਵਿਧਾਇਕ ਗੋਲਡੀ 30 ਸਾਲਾਂ ਦੀ ਉਡੀਕ ਹੋਈ ਖ਼ਤਮ, ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਵਿੱਚ ਰਾਮਲੀਲਾ ਚੌਂਕ ਦਾ ਕੀਤਾ ਉਦਘਾਟਨ
Publish Date: Mon, 16 Nov 2026 04:49 PM (IST)
Updated Date: Mon, 16 Nov 2026 04:51 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਸ਼ਹਿਰ ਦੇ ਵਸਨੀਕਾਂ ਦੀ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਲਟਕ ਰਹੀ ਮੰਗ ਆਖਰਕਾਰ ਪੂਰੀ ਹੋ ਗਈ। ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸ਼ਹਿਰ ਵਿੱਚ ਰਾਮਲੀਲਾ ਚੌਂਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਰਾਮਲੀਲਾ ਚੌਂਕ ਦੀ ਮੰਗ ਕਰੀਬ 30 ਸਾਲਾਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਨਾ ਸ਼ਹਿਰ ਵਾਸੀਆਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦਾ ਵਿਕਾਸ ਸਿਰਫ਼ ਵੱਡੇ ਪ੍ਰੋਜੈਕਟਾਂ ਤੱਕ ਸੀਮਤ ਨਹੀਂ ਹੁੰਦਾ, ਸਗੋਂ ਛੋਟੀਆਂ-ਵੱਡੀਆਂ ਜਨਤਕ ਲੋੜਾਂ ਨੂੰ ਪੂਰਾ ਕਰਨਾ ਵੀ ਵਿਕਾਸ ਦਾ ਅਹਿਮ ਹਿੱਸਾ ਹੈ। ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸ਼ਹਿਰ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਵਿਧਾਇਕ ਨੇ ਕਿਹਾ ਕਿ ਜਲਾਲਾਬਾਦ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਸ਼ਹਿਰ ਦੇ ਚੌਂਕਾਂ, ਸੜਕਾਂ, ਗਲੀਆਂ ਅਤੇ ਹੋਰ ਜਨਤਕ ਥਾਵਾਂ ਦੇ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਬਾਲਾ ਜੀ ਰਾਮਲੀਲਾ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੋਂ ਇਲਾਵਾ ਪੱਤਰਕਾਰਾਂ ਅਤੇ ਸਮਾਜ ਸੇਵੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਇਸ ਉਪਰਾਲੇ ਦੀ ਹਾਜ਼ਰ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਸਨਮਾਨਿਤ ਸ਼ਖ਼ਸੀਅਤਾਂ ਨੇ ਕਮੇਟੀ ਦਾ ਧੰਨਵਾਦ ਕਰਦਿਆਂ ਸਮਾਜ ਅਤੇ ਸ਼ਹਿਰ ਦੀ ਬਿਹਤਰੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਰਾਮਲੀਲਾ ਚੌਂਕ ਦੀ ਮੰਗ ਪੂਰੀ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਅਤੇ ਬਾਲਾ ਜੀ ਰਾਮਲੀਲਾ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਗਭਗ ਤਿੰਨ ਦਹਾਕਿਆਂ ਤੋਂ ਉਡੀਕੇ ਜਾ ਰਹੇ ਇਸ ਕਾਰਜ ਦੇ ਪੂਰਾ ਹੋਣ ਨਾਲ ਸ਼ਹਿਰ ਦੀ ਇੱਕ ਪੁਰਾਣੀ ਮੰਗ ਨੂੰ ਬੂਰ ਪਿਆ ਹੈ।