44 ਡਿਗਰੀ ਦੀ ਤਪਸ਼ ਨੇ ਵਧਾਈਆਂ ਮੁਸ਼ਕਲਾਂ, ਹੀਟ ਵੇਵ ਦਾ ਅਲਰਟ ਜਾਰੀ, ਲੋਕ ਹੋਣ ਸਾਵਧਾਨ
44 ਡਿਗਰੀ ਦੀ ਤਪਸ਼ ਨੇ ਵਧਾਈਆਂ ਮੁਸ਼ਕਲਾਂ, ਹੀਟ ਵੇਵ ਦਾ ਅਲਰਟ ਜਾਰੀ, ਲੋਕ ਹੋਣ ਸਾਵਧਾਨ
Publish Date: Wed, 10 Jun 2026 04:45 PM (IST)
Updated Date: Wed, 10 Jun 2026 04:47 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਇਲਾਕੇ ਵਿੱਚ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਦੁਪਹਿਰ ਦੇ ਸਮੇਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਲੋਕਾਂ ਦੀ ਆਵਾਜਾਈ ਘੱਟ ਦੇਖਣ ਨੂੰ ਮਿਲ ਰਹੀ ਹੈ, ਜਦਕਿ ਗਰਮ ਹਵਾਵਾਂ ਨੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਕਰ ਦਿੱਤਾ ਹੈ।ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਹੀਟ ਵੇਵ ਦਾ ਪ੍ਰਕੋਪ ਜਾਰੀ ਰਹਿਣ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਸਮੇਂ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ।ਗਰਮੀ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਵਾਧਾ ਹੋਇਆ ਹੈ, ਜਿਸ ਨਾਲ ਬਿਜਲੀ ਸਪਲਾਈ ਤੇ ਦਬਾਅ ਵਧ ਰਿਹਾ ਹੈ। ਕਿਸਾਨਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਿਹਤ ਵਿਭਾਗ ਨੇ ਲੋਕਾਂ ਨੂੰ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ, ਹਲਕੇ ਕੱਪੜੇ ਪਹਿਨਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਹੀਟ ਵੇਵ ਦਾ ਅਸਰ ਜਾਰੀ ਰਹਿ ਸਕਦਾ ਹੈ। ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦੀ ਕਰੋ ਵੱਧ ਵਰਤੋਂ ਲਗਾਤਾਰ ਵੱਧ ਰਹੀ ਗਰਮੀ ਕਾਰਨ ਸਿਹਤ ਸਬੰਧੀ ਸਮੱਸਿਆਵਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਗਰਮੀ ਤੋਂ ਬਚਾਅ ਲਈ ਪਾਣੀ, ਲੱਸੀ, ਨਿੰਬੂ ਪਾਣੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ। ਇਸ ਦੇ ਨਾਲ ਹੀ ਤਰਬੂਜ਼, ਖਰਬੂਜ਼ਾ, ਸੰਤਰਾ, ਖੀਰਾ ਅਤੇ ਟਮਾਟਰ ਵਰਗੇ ਵੱਧ ਪਾਣੀ ਵਾਲੇ ਫਲਾਂ ਅਤੇ ਸਬਜ਼ੀਆਂ ਦੀ ਵਰਤੋਂ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੁਪਹਿਰ ਸਮੇਂ ਤਿੱਖੀ ਧੁੱਪ ਵਿੱਚ ਬਾਹਰ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਜੇਕਰ ਕਿਸੇ ਕਾਰਨ ਬਾਹਰ ਜਾਣਾ ਲਾਜ਼ਮੀ ਹੋਵੇ ਤਾਂ ਸਮੇਂ-ਸਮੇਂ ਤੇ ਛਾਂ ਜਾਂ ਠੰਡੀ ਥਾਂ ਤੇ ਆਰਾਮ ਕੀਤਾ ਜਾਵੇ। ਹਲਕੇ ਰੰਗ ਅਤੇ ਢਿੱਲੇ ਕੱਪੜੇ ਪਹਿਨਣ ਦੀ ਵੀ ਸਲਾਹ ਦਿੱਤੀ ਗਈ। ਹੀਟ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼ : ਡਾ. ਸੁਨੀਤਾ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਸੁਨੀਤਾ ਕੰਬੋਜ ਨੇ ਦੱਸਿਆ ਕਿ ਹੀਟ ਸਟ੍ਰੋਕ ਦੇ ਲੱਛਣਾਂ ਵਿੱਚ ਚੱਕਰ ਆਉਣਾ, ਬਹੁਤ ਜ਼ਿਆਦਾ ਪਸੀਨਾ ਆਉਣਾ, ਥਕਾਵਟ, ਸਿਰ ਦਰਦ, ਉਲਟੀਆਂ, ਚਮੜੀ ਦਾ ਲਾਲ ਅਤੇ ਖੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ ਅਤੇ ਦਿਲ ਦੀ ਧੜਕਣ ਦਾ ਤੇਜ਼ ਹੋਣਾ ਸ਼ਾਮਲ ਹਨ। ਕਈ ਵਾਰ ਮਾਸਪੇਸ਼ੀਆਂ ਵਿੱਚ ਕਮਜ਼ੋਰੀ ਵੀ ਮਹਿਸੂਸ ਹੋ ਸਕਦੀ ਹੈ, ਜਿਸ ਕਾਰਨ ਵਿਅਕਤੀ ਨੂੰ ਥੋੜ੍ਹਾ ਜਿਹਾ ਕੰਮ ਕਰਨ ਤੇ ਵੀ ਜ਼ਿਆਦਾ ਥਕਾਵਟ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੜਕਦੀ ਧੁੱਪ ਵਿੱਚ ਲੰਬੇ ਸਮੇਂ ਤੱਕ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਖੁੱਲ੍ਹੇ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਹੀਟ ਸਟ੍ਰੋਕ ਦਾ ਵੱਧ ਖਤਰਾ ਰਹਿੰਦਾ ਹੈ, ਜੋ ਕਈ ਵਾਰ ਜਾਨਲੇਵਾ ਸਾਬਤ ਹੋ ਸਕਦਾ ਹੈ। ਅਜਿਹੇ ਲੱਛਣ ਦਿਖਾਈ ਦੇਣ ਤੇ ਤੁਰੰਤ ਛਾਂ ਵਾਲੀ ਥਾਂ ਤੇ ਆਰਾਮ ਕਰੋ, ਤਰਲ ਪਦਾਰਥਾਂ ਦਾ ਸੇਵਨ ਕਰੋ ਅਤੇ ਲੋੜ ਪੈਣ ਤੇ ਤੁਰੰਤ ਡਾਕਟਰੀ ਸਲਾਹ ਲਵੋ। ਹੀਟ ਸਟ੍ਰੋਕ ਦਾ ਸਭ ਤੋਂ ਵੱਧ ਖਤਰਾ ਇਨ੍ਹਾਂ ਵਰਗਾਂ ਨੂੰ : ਡਾ. ਐਰਿਕ ਐੱਸਐੱਮਓ ਡਾ. ਐਰਿਕ ਨੇ ਦੱਸਿਆ ਕਿ ਨਵਜੰਮੇ ਬੱਚੇ, ਬਜ਼ੁਰਗ, ਗਰਭਵਤੀ ਮਹਿਲਾਵਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ, ਮੋਟਾਪੇ ਅਤੇ ਮਾਨਸਿਕ ਬਿਮਾਰੀਆਂ ਨਾਲ ਜੂਝ ਰਹੇ ਲੋਕ ਹੀਟ ਸਟ੍ਰੋਕ ਦੇ ਵੱਧ ਖਤਰੇ ਹੇਠ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਇਨ੍ਹਾਂ ਵਰਗਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਤਿੱਖੀ ਧੁੱਪ ਵਿੱਚ ਬਾਹਰ ਜਾਣ ਤੋਂ ਬਚਣਾ, ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨਾ ਅਤੇ ਠੰਢੇ ਵਾਤਾਵਰਣ ਵਿੱਚ ਰਹਿਣਾ ਹੀਟ ਸਟ੍ਰੋਕ ਤੋਂ ਬਚਾਅ ਲਈ ਬਹੁਤ ਜ਼ਰੂਰੀ ਹੈ। ਗਰਮੀ ਨਾਲ ਸਬੰਧਤ ਕੋਈ ਵੀ ਲੱਛਣ ਨਜ਼ਰ ਆਉਣ ਤੇ ਤੁਰੰਤ ਡਾਕਟਰੀ ਸਲਾਹ ਲਈ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਵਧਦੀ ਗਰਮੀ ਨੂੰ ਲੈ ਕੇ ਸਮਾਜਸੇਵੀ ਨੀਰਜ ਡੋਡਾ ਦੀ ਅਪੀਲ ਵਧਦੀ ਗਰਮੀ ਨੂੰ ਲੈ ਕੇ ਸਮਾਜਸੇਵੀ ਨੀਰਜ ਡੋਡਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੈ ਰਹੀ ਭਿਆਨਕ ਗਰਮੀ ਤੋਂ ਬਚਾਅ ਲਈ ਲੋਕਾਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੁਪਹਿਰ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਪਾਣੀ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵਧਾਇਆ ਜਾਵੇ। ਨੀਰਜ ਡੋਡਾ ਨੇ ਕਿਹਾ ਕਿ ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਮਹਿਲਾਵਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ, ਕਿਉਂਕਿ ਇਹ ਵਰਗ ਗਰਮੀ ਦੇ ਮਾੜੇ ਪ੍ਰਭਾਵਾਂ ਲਈ ਵਧੇਰੇ ਸੰਵੇਦਨਸ਼ੀਲ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੀਟ ਸਟ੍ਰੋਕ ਦੇ ਲੱਛਣ ਨਜ਼ਰ ਆਉਣ ਤੇ ਤੁਰੰਤ ਡਾਕਟਰੀ ਸਲਾਹ ਲੈਣ ਅਤੇ ਲੋੜ ਪੈਣ ਤੇ ਐਮਰਜੈਂਸੀ ਸੇਵਾਵਾਂ ਦੀ ਮਦਦ ਲਈ ਸੰਪਰਕ ਕਰਨ। ਬਜ਼ੁਰਗਾਂ ਦੀ ਸੰਭਾਲ ਜ਼ਰੂਰੀ : ਇੰਕਲਾਬ ਗਿੱਲ ਸਮਾਜ ਸੇਵਕ ਇੰਕਲਾਬ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀ ਦੇ ਮੌਸਮ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਕੋਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰੇ। ਉਨ੍ਹਾਂ ਕਿਹਾ ਕਿ ਬੇਹੱਦ ਗਰਮੀ ਅਤੇ ਤਾਪਮਾਨ ਵਧਣ ਕਾਰਨ ਡਿਹਾਈਡ੍ਰੇਸ਼ਨ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਖਤਰਾ ਵੱਧ ਜਾਂਦਾ ਹੈ, ਇਸ ਲਈ ਲੋਕਾਂ ਨੂੰ ਆਪਣੀ ਦਿਨਚਰਿਆ ਵਿੱਚ ਪਾਣੀ ਅਤੇ ਤਰਲ ਪਦਾਰਥਾਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ। ਇੰਕਲਾਬ ਗਿੱਲ ਨੇ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਲੋਕ ਸਮੇਂ-ਸਮੇਂ ‘ਤੇ ਪਾਣੀ ਪੀਂਦੇ ਰਹਿਣ ਤਾਂ ਹੀਟ ਸਟ੍ਰੋਕ ਅਤੇ ਹੋਰ ਗਰਮੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਹੰਗਾਮੀ ਹਾਲਾਤ ਦੌਰਾਨ ਇੱਥੇ ਕਰੋ ਸੰਪਰਕ ਐਂਬੂਲੈਂਸ ਸੇਵਾ : 108 ਸਿਹਤ ਸਲਾਹ ਲਈ : 104 ਪਾਵਰਕਾਮ ਹੈਲਪਲਾਈਨ : 1912,9464197500