ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ’ਚ 72,764 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਫਾਜ਼ਿਲਕਾ ਜ਼ਿਲ੍ਹੇ ਵਿੱਚ 72,764 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
Publish Date: Sun, 22 Nov 2026 04:54 PM (IST)
Updated Date: Mon, 23 Nov 2026 04:04 AM (IST)
-ਪਹਿਲੇ ਦਿਨ 50 ਫ਼ੀਸਦੀ ਤੋਂ ਵੱਧ ਟੀਚਾ ਹਾਸਲ, 23 ਤੇ 24 ਨਵੰਬਰ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ ਟੀਮਾਂ ਰਮਨ ਕੁਮਾਰ. ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਵਿੱਚ 72,764 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਚਲਾਈ ਜਾ ਰਹੀ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਹੀ ਜ਼ਿਲ੍ਹੇ ਵਿੱਚ 50 ਫ਼ੀਸਦੀ ਤੋਂ ਵੱਧ ਟੀਚਾ ਹਾਸਲ ਕਰ ਲਿਆ ਗਿਆ ਹੈ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਉਨ੍ਹਾਂ ਦਾ ਪੰਜ ਸਾਲ ਤੱਕ ਦਾ ਬੱਚਾ ਪਹਿਲੇ ਦਿਨ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ 23 ਅਤੇ 24 ਨਵੰਬਰ ਨੂੰ ਘਰ-ਘਰ ਪਹੁੰਚਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਤੋਂ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਵਾਉਣ, ਤਾਂ ਜੋ ਮੁਹਿੰਮ ਨੂੰ 100 ਫ਼ੀਸਦੀ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਸਮੂਹ ਸਮਾਜਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮੁਹਿੰਮ ਦੇ ਦੂਜੇ ਅਤੇ ਤੀਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਕਿਹਾ ਕਿ ਦੇਸ਼ ਵਿੱਚੋਂ ਪੋਲੀਓ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਸਮੂਹ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਕੁੱਲ 1,41,732 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਜ਼ਰੂਰੀ ਹਨ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਪੋਲੀਓ ਬੂੰਦਾਂ ਪੀ ਚੁੱਕਾ ਹੋਵੇ ਜਾਂ ਨਵਜੰਮਿਆ ਹੋਵੇ। ਇਸ ਮੌਕੇ ਡਾ. ਲਵਪ੍ਰੀਤ ਸਿੰਘ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਸੁਸ਼ੀਲ ਕੁਮਾਰ ਅਤੇ ਸ਼ਵੇਤਾ ਨਾਗਪਾਲ ਸਮੇਤ ਹੋਰ ਸਿਹਤ ਕਰਮਚਾਰੀ ਮੌਜੂਦ ਸਨ।