ਐੱਸ.ਆਈ.ਆਰ. ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 93.06 ਫੀਸਦੀ ਵੋਟਰ ਗਿਣਤੀ ਫਾਰਮ ਡਿਜੀਟਲ ਐੱਸ.ਆਈ.ਆਰ. ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 93.06 ਫੀਸਦੀ ਵੋਟਰ ਗਿਣਤੀ ਫਾਰਮ ਡਿਜੀਟਲ
Publish Date: Mon, 10 Aug 2026 04:36 PM (IST)
Updated Date: Mon, 10 Aug 2026 04:38 PM (IST)
ਦੀਪਕ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ, ਐੱਸ.ਡੀ.ਐੱਮ. ਫਾਜ਼ਿਲਕਾ ਜੁਗਰਾਜ ਸਿੰਘ ਅਤੇ ਤਹਿਸੀਲਦਾਰ ਚੋਣਾਂ ਵਿਭੂ ਜੈਨ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਜਾਰੀ ਹੈ। ਜ਼ਿਲ੍ਹੇ ਦੇ ਕੁੱਲ 7,76,163 ਵੋਟਰਾਂ ਵਿੱਚੋਂ 7,22,295 ਵੋਟਰਾਂ ਦੇ ਗਿਣਤੀ ਫਾਰਮ ਪ੍ਰਾਪਤ ਕਰਕੇ ਡਿਜੀਟਲ ਕੀਤੇ ਜਾ ਚੁੱਕੇ ਹਨ, ਜੋ ਕੁੱਲ ਵੋਟਰਾਂ ਦਾ 93.06 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ 53,868 ਵੋਟਰਾਂ ਦੇ ਗਿਣਤੀ ਫਾਰਮ ਪ੍ਰਾਪਤ ਨਹੀਂ ਹੋਏ। ਇਨ੍ਹਾਂ ਵਿੱਚੋਂ 23,091 ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 21,427 ਵੋਟਰ ਪੱਕੇ ਤੌਰ ’ਤੇ ਹੋਰ ਸ਼ਹਿਰਾਂ ਜਾਂ ਥਾਵਾਂ ’ਤੇ ਸ਼ਿਫਟ ਹੋ ਚੁੱਕੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਜੇਕਰ ਕਿਸੇ ਵੋਟਰ ਦਾ ਨਾਮ ਡਰਾਫਟ ਸੂਚੀ ਵਿੱਚ ਦਰਜ ਨਹੀਂ ਹੁੰਦਾ ਤਾਂ ਉਹ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ ਨੰਬਰ-6 ਭਰ ਕੇ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.) ਜਾਂ ਬੂਥ ਲੈਵਲ ਅਫ਼ਸਰ ਕੋਲ ਦਾਅਵਾ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ ਕੋਲ ਵੀ ਉਪਲਬਧ ਰਹੇਗੀ। 30,531 ਵੋਟਰਾਂ ਦੀਆਂ ਵੋਟਾਂ ਅਨਮੈਪਡ ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 30,531 ਵੋਟਰਾਂ ਦੀਆਂ ਵੋਟਾਂ ਅਨਮੈਪਡ ਰਹਿ ਗਈਆਂ ਹਨ। ਇਨ੍ਹਾਂ ਵੋਟਰਾਂ ਨੂੰ 13 ਅਗਸਤ ਤੋਂ ਨੋਟਿਸ ਜਾਰੀ ਕੀਤੇ ਜਾਣਗੇ। ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼, ਜਿਵੇਂ ਜਨਮ ਸਰਟੀਫਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫਿਕੇਟ ਆਦਿ, ਸਬੰਧਤ ਈ.ਆਰ.ਓ./ਏ.ਈ.ਆਰ.ਓ. ਕੋਲ ਜਮ੍ਹਾ ਕਰਵਾ ਸਕਣਗੇ। ਸੁਣਵਾਈ ਅਤੇ ਲੋੜੀਂਦੀ ਕਾਰਵਾਈ ਤੋਂ ਬਾਅਦ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲਾਂ 829 ਪੋਲਿੰਗ ਬੂਥ ਸਨ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੋਂ ਬਾਅਦ ਜ਼ਿਲ੍ਹੇ ਵਿੱਚ 69 ਨਵੇਂ ਪੋਲਿੰਗ ਬੂਥ ਵਧੇ ਹਨ। ਹੁਣ ਜ਼ਿਲ੍ਹੇ ਵਿੱਚ ਕੁੱਲ 898 ਪੋਲਿੰਗ ਬੂਥਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ।