ਗੁਰਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ ਫਾਜ਼ਿਲਕਾ ਵਿੱਚ ਗੁਰੂ ਪਰਵ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ, ਪੂਜਾ ਲੂਥਰਾ ਸਚਦੇਵਾ ਨੇ ਟੀਮ ਸਮੇਤ ਗੁਰੂ ਚਰਨਾਂ ਵਿੱਚ ਨਿਵਾਇਆ ਸੀਸ
Publish Date: Fri, 20 Nov 2026 07:39 PM (IST)
Updated Date: Sat, 21 Nov 2026 04:04 AM (IST)
ਪੂਜਾ ਲੂਥਰਾ ਸਚਦੇਵਾ ਨੇ ਟੀਮ ਸਮੇਤ ਗੁਰੂ ਚਰਨਾਂ ਵਿੱਚ ਨਿਵਾਇਆ ਸੀਸ ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਗੁਰੂ ਪਰਵ ਦੇ ਪਵਿੱਤਰ ਮੌਕੇ ਹਲਕਾ ਫਾਜ਼ਿਲਕਾ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੀ ਬਾਣੀ ਦਾ ਗਾਇਨ ਕੀਤਾ। ਨਗਰ ਕੀਰਤਨ ਦੌਰਾਨ ਪੂਰਾ ਇਲਾਕਾ ਵਾਹਿਗੁਰੂ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਅਤੇ ਮਾਹੌਲ ਸ਼ਰਧਾ ਤੇ ਭਗਤੀ ਨਾਲ ਭਰਿਆ ਰਿਹਾ। ਇਸ ਮੌਕੇ ਪੂਜਾ ਲੂਥਰਾ ਸਚਦੇਵਾ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਸਮੂਹ ਸੰਗਤ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਗੁਰੂ ਪਰਵ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਸੇਵਾ ਕਰਨ ਦਾ ਮੌਕਾ ਮਿਲਣਾ ਬਹੁਤ ਹੀ ਸੁਭਾਗ ਵਾਲੀ ਗੱਲ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ, ਆਪਸੀ ਭਾਈਚਾਰੇ, ਪਿਆਰ ਅਤੇ ਲੋੜਵੰਦਾਂ ਦੀ ਮਦਦ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਦਿਆਂ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਬਾਣੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਸਿਰਫ਼ ਸੁਣਨ ਤੱਕ ਸੀਮਤ ਨਾ ਰੱਖ ਕੇ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਸਰਬੱਤ ਦੇ ਭਲੇ ਦਾ ਸੰਦੇਸ਼ ਹੀ ਸਮਾਜ ਦੀ ਅਸਲ ਤਾਕਤ ਹੈ। ਇਸ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੇ ਸਵਾਗਤ ਲਈ ਥਾਂ-ਥਾਂ ਲੰਗਰ ਲਗਾਏ ਗਏ ਅਤੇ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ।